ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦੋ ਸਿਪਾਹੀਆਂ ਸਰਬਜੀਤ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ ਦੋ ਆਮ ਵਿਅਕਤੀਆਂ ਜਸਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਖ਼ਿਲਾਫ਼ ਰਿਸ਼ਵਤਖ਼ੋਰੀ ਦਾ ਮਾਮਲਾ ਦਰਜ ਕੀਤਾ ਹੈ ਜੋ ਇੱਕ ਬੱਸ ਆਪਰੇਟਰ ਤੋਂ ਪੁਲੀਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਲੈ ਰਹੇ ਸਨ। ਇਸ ਕੇਸ ਵਿੱਚ ਮੋਗਾ ਦੀ ਵਿਜੀਲੈਂਸ ਟੀਮ ਨੇ ਇੱਕ ਸਿਪਾਹੀ ਇਕਬਾਲ ਸਿੰਘ ਅਤੇ ਇੱਕ ਆਮ ਦੋਸ਼ੀ ਸਿਮਰਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਕਤ ਦੋਵੇਂ ਦੋਸ਼ੀਆਂ ਨੂੰ ਮੋਗਾ ਜ਼ਿਲੇ ਦੇ ਪਿੰਡ ਹਰੀਏਵਾਲਾ ਦੇ ਵਸਨੀਕ ਗਗਨਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦੱਸਿਆ ਹੈ ਕਿ ਉਹ ਇੱਕ ਮਿੰਨੀ ਬੱਸ ਆਪਰੇਟਰ ਹੈ ਅਤੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਉਸ ਨੂੰ ਨਸ਼ੀਲੇ ਪਦਾਰਥ ਰੱਖਣ ਡਰਾਵਾ ਦੇ ਕੇ ਪੁਲਿਸ ਕੇਸ ਨਾ ਦਰਜ ਕਰਨ ਲਈ 1 ਲੱਖ ਰੁਪਏ ਦੀ ਮੰਗ ਕਰ ਰਹੇ ਸਨ ਅਤੇ ਸੌਦਾ 50 ਹਜ਼ਾਰ ਰੁਪਏ ਵਿੱਚ ਤੈਅ ਹੋਇਆ।ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋਸ਼ੀ ਸਿਪਾਹੀ ਇਕਬਾਲ ਸਿੰਘ ਅਤੇ ਉਸ ਦੇ ਸਾਥੀ ਸਿਮਰਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਕੋਲੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕੀਤਾ।ਉਨਾਂ ਦੱਸਿਆ ਕਿ ਉਕਤ ਚਾਰੇ ਦੋਸ਼ੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਰਿਸ਼ਵਤ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।