ਚੰਡੀਗੜ੍ਹ – ਝੋਨੇ ਦੀ ਖਰੀਦ ਲਈ ਹੁਣ ਤੱਕ 26,743,93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਅਨਿੰਨਦਿਤਾ ਮਿੱਤਰਾ ਨੇ ਦਿੱਤੀ। ਉਹ ਜ਼ਿਲ੍ਹਾ ਜਲੰਧਰ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਤਾਪਪੁਰਾ ਪੂਰਬੀ ਮੰਡੀ ਵਿਖੇ ਪੁੱਜੇ ਸਨ। ਸ੍ਰੀਮਤੀ ਮਿੱਤਰਾ ਨੇ ਦੱਸਿਆ ਕਿ 5 ਨਵੰਬਰ, 2020 ਤੱਕ ਪੰਜਾਬ ਦੇ ਖਰੀਦ ਕੇਂਦਰਾਂ ਤੋਂ ਕੁੱਲ 167,54,963 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ 15,38,6,722 ਮੀਟ੍ਰਿਕ ਟਨ ਦੀ ਸਫਲਤਾਪੂਰਵਕ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਨੇ 16,69,7,286 ਮੀਟ੍ਰਿਕ ਟਨ ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ ਜਦਕਿ 57677 ਮੀਟ੍ਰਿਕ ਟਨ ਝੋਨੇ ਦੀ ਖਰੀਦ ਮਿੱਲ ਮਾਲਕਾਂ ਵੱਲੋਂ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ 5 ਨਵੰਬਰ 2020 ਤੱਕ ਮਾਰਕਫੈਡ ਵੱਲੋਂ 43,17,216 ਮੀਟ੍ਰਿਕ ਟਨ ਝੋਨਾ, ਪਨਸਪ ਵੱਲੋਂ 35,19,946 ਮੀਟ੍ਰਿਕ ਟਨ, ਪੀਐਸਡਬਲਯੂਸੀ ਵੱਲੋਂ 17,86,493 ਮੀਟ੍ਰਿਕ ਟਨ, ਪਨਗ੍ਰੇਨ ਵੱਲੋਂ 18,67,950 ਮੀਟ੍ਰਿਕ ਟਨ, ਐਫਸੀਆਈ ਵੱਲੋਂ 35,19,946 ਮੀਟ੍ਰਿਕ ਟਨ ਅਤੇ ਮਿੱਲਰਾਂ ਵੱਲੋਂ 57,677 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਨ੍ਹਾਂ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੀਤੀ ਗਈ ਝੋਨੇ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵਿਕਣ ਲਈ 5 ਨਵੰਬਰ ਤੱਕ ਪੁੱਜੇ 1051583 ਮੀਟ੍ਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1051546 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦ ਕੀਤੀ ਫ਼ਸਲ ਵਿੱਚੋਂ 1011998 ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਵੇਚਣ ਲਈ ਲਿਆਂਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾ ਰਿਹਾ ਹੈ ਉਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਣੇ ਦੀ ਕੋਈ ਕਮੀ ਨਹੀਂ ਹੈ ਅਤੇ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਤੋਂ 48 ਘੰਟਿਆਂ ਵਿੱਚ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਕੋਵਿਡ-19 ਸਬੰਧੀ ਲਾਗੂ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਦਿਆਂ ਜਾਰੀ ਹੈ ਅਤੇ ਸਰਕਾਰ ਵੱਲੋਂ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਮੰਡੀਆਂ ਵਿੱਚ ਲੋੜੀਂਦੇ ਸਮੁੱਚੇ ਪ੍ਰਬੰਧ ਕੀਤੇ ਗਏ ਹਨ।