ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਦੀ ਰੌਸ਼ਨੀ ਵਿਚ ਸ਼ਤਾਬਦੀ ਸਮਾਗਮ ਸਜਾਉਣ ਲਈ ਤਿਆਰੀਆਂ ਜਾਰੀ ਹਨ। ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ 15 ਨਵੰਬਰ 2020 ਨੂੰ ਆ ਰਿਹਾ ਹੈ, ਜਿਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ। ਇਸ ਤੋਂ ਪਹਿਲਾਂ 15 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ। ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਵੱਖ-ਵੱਖ ਅਧਿਕਾਰੀਆਂ ਨੂੰ ਜ਼ੁੰਮੇਵਾਰੀਆਂ ਸੌਂਪੀਆਂ। ਇਸ ਦੌਰਾਨ ਭਾਈ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਉਭਾਰਿਆ ਜਾਵੇਗਾ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਸਦੀ ਦੇ ਸਫ਼ਰ ਦੌਰਾਨ ਜਿਥੇ ਕੌਮੀ ਮਸਲਿਆਂ ਦੀ ਪੈਰਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ ਦਾ ਪੰਥਕ ਮਰਯਾਦਾ ਅਨੁਸਾਰ ਪ੍ਰਬੰਧ ਚਲਾਉਣ, ਵਿਦਿਆ ਦੇ ਖੇਤਰ ਵਿਚ ਵੱਡੀ ਭੂਮਿਕਾ ਨਿਭਾਉਣ ਤੋਂ ਇਲਾਵਾ ਸਮਾਜ ਭਲਾਈ ਅਤੇ ਸੇਵਾ ਦੇ ਖੇਤਰ ਵਿਚ ਵੀ ਵੱਡਾ ਯੋਗਦਾਨ ਪਾਇਆ। ਭਾਈ ਲੌਂਗੋਵਾਲ ਨੇ ਆਖਿਆ ਕਿ ਸੰਸਥਾ ਦੀ ਸਥਾਪਨਾ ਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਅਤੇ ਕਾਰਜਾਂ ਨੂੰ ਰੂਪਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਬੀਤੇ ਕੱਲ੍ਹ ਚਿੱਤਰਕਲਾ ਕਾਰਜਸ਼ਾਲਾ ਨਾਲ ਕੀਤੀ ਗਈ ਹੈ, ਜਿਸ ਵਿਚ ਪੰਜਾਬ ਭਰ ਦੇ 31 ਚਿੱਤਰਕਾਰ ਹਿੱਸਾ ਲੈ ਰਹੇ ਹਨ। ਚਿੱਤਰਕਲਾ ਕਾਰਜਸ਼ਾਲਾ ਦੌਰਾਨ ਤਿਆਰ ਕੀਤੀਆਂ ਤਸਵੀਰਾਂ ਸ਼੍ਰੋਮਣੀ ਕਮੇਟੀ ਨਾਲ ਜੁੜਦੇ ਇਤਿਹਾਸ ਨੂੰ ਰੂਪਮਾਨ ਕਰਨਗੀਆਂ, ਜਿਨ੍ਹਾਂ ਦੀ ਪ੍ਰਦਰਸ਼ਨੀ ਸ਼ਤਾਬਦੀ ਸਮਾਗਮਾਂ ਦੌਰਾਨ ਲਗਾਈ ਜਾਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ, ਜਿਸ ਨੂੰ ਵੱਡੀ ਗਿਣਤੀ ਵਿਚ ਛਪਵਾ ਕੇ ਵੰਡਿਆ ਜਾਵੇਗਾ।ਤਿਆਰੀਆਂ ਸਬੰਧੀ ਕੀਤੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਸ. ਸਤਵਿੰਦਰ ਸਿੰਘ ਟੌਹੜਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਦਿਆਲ ਸਿੰਘ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ ਚਿੱਟਾ ਆਦਿ ਮੌਜੂਦ ਸਨ।