ਚੰਡੀਗੜ੍ਹ – ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਵੱਲ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚੋਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰਤੀ ਹੋਈਆਂ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ ਜਦਕਿ ਆਂਗਨਵਾੜੀ ਵਰਕਰਾਂ ਦੀ ਆਸਾਮੀ ਤੋਂ ਤਰੱਕੀ ਪ੍ਰਾਪਤ 282 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਤਾਂ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੱਲ ਰਹੇ ਵਿਭਾਗੀ ਕੰਮਕਾਜ ਪ੍ਰਭਾਵਤ ਨਾ ਹੋਣ।ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਵਿਭਾਗ ਵਿੱਚ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਨਵੀਂ ਭਰਤੀ ਹੋਈਆਂ ਅਤੇ ਤਰੱਕੀ ਪ੍ਰਾਪਤ ਆਂਗਨਵਾੜੀ ਸੁਪਰਵਾਈਜ਼ਰਾਂ ਨਾਲ ਵਿਭਾਗ ਨੂੰ ਮਜ਼ਬੂਤੀ ਤਾਂ ਮਿਲੇਗੀ ਹੀ, ਨਾਲ ਹੀ ਸੂਬੇ ਦੀ ਨਵੀਂ ਪੀੜ੍ਹੀ ਨੂੰ ਪੌਸ਼ਟਿਕ ਖ਼ੁਰਾਕ ਤੇ ਸਿਹਤਮੰਦ ਵਾਤਾਵਰਣ ਦੇਣ ਵਿੱਚ ਮਦਦ ਤੋਂ ਇਲਾਵਾ ਸੂਬੇ ਵਿੱਚ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਸਮਾਂਬੱਧ ਜਾਣਕਾਰੀ ਦੇਣ ਵਿੱਚ ਵੀ ਇਹ ਸੁਪਰਵਾਈਜ਼ਰ ਮਹਿਲਾਵਾਂ ਅਹਿਮ ਯੋਗਦਾਨ ਪਾਉਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀ ਵਿਪੁਲ ਉੱਜਵਲ, ਸੰਯੁਕਤ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਗੁਰਜਿੰਦਰ ਸਿੰਘ ਮੌੜ ਵੀ ਮੌਜੂਦ ਸਨ।ਆਂਗਨਵਾੜੀ ਸੁਪਰਵਾਈਜ਼ਰਾਂ ਦੀ ਵੱਡੀ ਪੱਧਰ ਉਤੇ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਮਨੋਬਲ ਵਧਣ ਦੀ ਗੱਲ ਆਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਿੱਧੀ ਭਰਤੀ ਅਤੇ ਤਰੱਕੀਆਂ ਰਾਹੀਂ ਖ਼ਾਲੀ ਆਸਾਮੀਆਂ ਭਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟੀਚੇ ਨੂੰ ਸਰ ਕਰਨ ਵੱਲ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਹਾਲ ਹੀ ਵਿੱਚ ਆਂਗਨਵਾੜੀ ਸੁਪਰਵਾਈਜ਼ਰਾਂ ਦੀਆਂ ਆਸਾਮੀਆਂ ‘ਤੇ 282 ਆਂਗਨਵਾੜੀ ਵਰਕਰਾਂ ਨੂੰ ਤਰੱਕੀ ਦਿੱਤੀ ਹੈ ਅਤੇ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵਿਭਾਗ ਵਿੱਚ ਨਿਯੁਕਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਆਂਗਨਵਾੜੀ ਸੁਪਰਵਾਈਜ਼ਰਾਂ ਦੀ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਸਰਕਾਰ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।ਸ੍ਰੀਮਤੀ ਅਰੁਨਾ ਚੌਧਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਵੱਖ-ਵੱਖ ਖ਼ਾਲੀ ਆਸਾਮੀਆਂ ਜਲਦੀ ਭਰੀਆਂ ਜਾਣਗੀਆਂ ਅਤੇ ਇਸ ਸਬੰਧੀ ਇਸ਼ਤਿਹਾਰ ਛੇਤੀ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਦੇ ਨੌਜਵਾਨ ਸਰਕਾਰੀ ਖੇਤਰ ਵਿੱਚ ਸ਼ਾਮਲ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜਨ-ਜਨ ਤੱਕ ਪਹੁੰਚਾਉਣ ਸਣੇ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਵਾਲੀਆਂ ਨੀਤੀਆਂ ਵਿੱਚ ਆਪਣਾ ਯੋਗਦਾਨ ਪਾ ਸਕਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਹਰੇਕ ਵਾਅਦੇ ਨੂੰ ਹਰ ਹੀਲੇ ਪੂਰਾ ਕਰਨ ਲਈ ਵਚਨਬੱਧ ਹੈ।