ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ।ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਸਬੰਧੀ ਸਾਰੇ ਸੁਰੱਖਿਆ ਉਪਾਅ ਅਪਣਾਉਣ ਅਤੇ ਇਸ ਔਖੇ ਸਮੇਂ ਵਿੱਚ ਇਹ ਤਿਉਹਾਰ ਆਪਣੇ ਘਰਾਂ ਵਿੱਚ ਪਰਿਵਾਰਕ ਮੈਂਬਰਾਂ ਨਾਲ ਸਕੂਨ ਅਤੇ ਸਲਾਮਤੀ ਨਾਲ ਮਨਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਆਪਣੇ ਘਰਾਂ ਨੂੰ ਰੌਸ਼ਨੀ ਨਾਲ ਸਜਾਉਣ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖ ਕੇ ਮਨਾਉਣ ਦਾ ਸੱਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ਨੇ ਦੀਵਾਲੀ ਵਾਲੇ ਦਿਨ ਦੋ ਘੰਟੇ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ ਪਰ ਉਨ੍ਹਾਂ ਨੇ ਲੋਕਾਂ ਨੂੰ ਪਟਾਕੇ ਚਲਾਉਣ ਤੋਂ ਪੂਰੀ ਤਰ੍ਹਾਂ ਸੰਜਮ ਵਰਤਣ ਦੀ ਅਪੀਲ ਕੀਤੀ ਤਾਂ ਕਿ ਪ੍ਰਦੂਸ਼ਣ ਫੈਲਣ ਤੋਂ ਰੋਕਿਆ ਜਾ ਸਕੇ ਕਿਉਂ ਜੋ ਇਸ ਨਾਲ ਕੋਵਿਡ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਤੋਂ ਇਲਾਵਾ ਇਤਿਹਾਸਕ ‘ਬੰਦੀ ਛੋੜ ਦਿਵਸ’ ਦੀ ਵੀ ਵਧਾਈ ਦਿੱਤੀ ਜਿਸ ਨੂੰ ਸਾਲ 1612 ਵਿੱਚ ਦੀਵਾਲੀ ਦੇ ਤਿਉਹਾਰ ‘ਤੇ ਛੇਵੇ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਸਤਿਕਾਰ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਵਿਸ਼ਵਕਰਮਾ ਦਿਹਾੜੇ ਦੀ ਵੀ ਲੋਕਾਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਨੇ ਉਮੀਦ ਜ਼ਾਹਰ ਕਰਦਿਆਂ ਅਰਦਾਸ ਕੀਤੀ ਕਿ ਇਹ ਖੁਸ਼ੀ ਭਰੇ ਮੌਕੇ ਹਰ ਪਾਸੇ ਸਿਹਤਮੰਦੀ ਅਤੇ ਖੁਸ਼ਹਾਲੀ ਵਿੱਚ ਵਾਧਾ ਕਰਨਗੇ।