ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਅੱਜ ਅੰਮ੍ਰਿਤਸਰ ਵਿਖੇ ਖ਼ਾਲਸਈ ਸ਼ਾਨੋ-ਸ਼ੋਕਤ ਨਾਲ ਮਨਾਇਆ ਗਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਵਿਸ਼ਾਲ ਪੰਥਕ ਸਮਾਗਮ ਦੌਰਾਨ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਸਿਰਮੌਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਪੰਥਕ ਬੁਲਾਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸਕ ਪਿਛੋਕੜ, ਪਿਛਲੇ ਸੌ ਸਾਲਾ ਇਤਿਹਾਸ ਦੀਆਂ ਪ੍ਰਾਪਤੀਆਂ, ਮੌਜੂਦਾ ਸਮੱਸਿਆਵਾਂ ਤੇ ਚੁਣੌਤੀਆਂ ’ਤੇ ਮੰਥਨ ਕਰਦਿਆਂ ਭਵਿੱਖੀ ਯੋਜਨਾਵਾਂ ਉਲੀਕਣ ’ਤੇ ਜ਼ੋਰ ਦਿੱਤਾ। ਇਸ ਮੌਕੇ ਜਿਥੇ ਪੰਥਕ ਏਕਤਾ ਅਤੇ ਗੁਰਦੁਆਰਿਆਂ ਦੇ ਇਕ ਰੂਪ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ, ਉਥੇ ਹੀ ਸਰਕਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ਾਂ ਤੋਂ ਵੀ ਪੰਥ ਨੂੰ ਸੁਚੇਤ ਰਹਿਣ ਦਾ ਹੋਕਾ ਦਿੱਤਾ ਗਿਆ। ਇਸ ਇਤਿਹਾਸਕ ਇਕੱਠ ਵਿਚ ਵੱਖ-ਵੱਖ ਪੰਥ ਅਤੇ ਸਮਾਜਿਕ ਸਰੋਕਾਰਾਂ ਨਾਲ ਸਬੰਧ ਰੱਖਦੇ 11 ਵਿਸ਼ੇਸ਼ ਮਤੇ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤੇ ਗਏ। ਪੰਥਕ ਸਮਾਗਮ ਦੌਰਾਨ ਅੱਜ ਦੇ ਦਿਨ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾ ਸਿੱਖਾਂ ਪ੍ਰਤੀ ਬੇਰੁਖੀ ਵਾਲਾ ਵਤੀਰਾ ਅਪਣਾਈ ਰੱਖਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਸਿੱਖਾਂ ਅੱਗੇ ਹਮੇਸ਼ਾ ਹੀ ਚੁਣੌਤੀਆਂ ਦਰਪੇਸ਼ ਰਹੀਆਂ ਹਨ, ਜੋ ਅਜੌਕੇ ਸਮੇਂ ’ਚ ਵੀ ਜਾਰੀ ਹਨ। ਉਨ੍ਹਾਂ ਸ਼ੋ੍ਰਮਣੀ ਕਮੇਟੀ ਦੀ ਸਥਾਪਨਾ ਲਈ ਯੋਗਦਾਨ ਪਾਉਣ ਵਾਲੀਆਂ ਪੰਥਕ ਸਖਸ਼ੀਅਤਾਂ ਨੂੰ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਇਹ ਸੰਸਥਾ ਕੌਮ ਦੀ ਉਚ ਦਮਲਾੜੀ ਸੰਸਥਾ ਹੈ, ਜਿਸ ਨੇ ਆਪਣੇ 100 ਸਾਲ ਦੇ ਸਫ਼ਰ ਦੌਰਾਨ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਆਖਿਆ ਕਿ ਸਿੱਖ ਸੰਸਥਾ ਨੂੰ ਹਕਮੂਤਾਂ ਵਲੋਂ ਇਸ ਲਈ ਨਿਸ਼ਾਨਾ ਬਣਾਇਆ ਜਾਂਦਾ ਹੈ ਕਿ ਕਿਉਂਕਿ ਉਹ ਸਮਝਦੇ ਹਨ ਕਿ ਸ਼ੋ੍ਰਮਣੀ ਕਮੇਟੀ ਸਟੇਟ ਦੇ ਅੰਦਰ ਇਕ ਸਟੇਟ ਵਾਂਗ ਹੈ। ਇਸੇ ਲਈ ਹੀ ਇਹ ਸੰਸਥਾ ਸਰਕਾਰਾਂ ਨੂੰ ਚੁੱਭਦੀ ਰਹੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਵੀ ਸਿੱਖਾਂ ਦੀ ਹਮਦਰਦ ਨਹੀਂ ਹੈ। ਉਨ੍ਹਾਂ ਗੁਰਬਾਣੀ, ਨਿਤਨੇਮ, ਇਤਿਹਾਸ, ਸੰਪਰਦਾਵਾਂ, ਸੰਸਥਾਵਾਂ, ਅੰਮ੍ਰਿਤ ਅਤੇ ਸਿੱਖ ਸਿਧਾਂਤਾਂ ਨੂੰ ਚੁਣੌਤੀ ਦੇਣ ਵਾਲੇ ਲੋਕਾਂ ਤੋਂ ਸੰਗਤ ਨੂੰ ਸੁਚੇਤ ਕਰਦਿਆਂ ਆਖਿਆ ਕਿ ਅੱਜ ਅਜਿਹੀਆਂ ਸ਼ਕਤੀਆਂ ਦਾ ਸਾਂਝੇ ਯਤਨਾਂ ਨਾਲ ਮੁਕਾਬਲਾ ਕਰਨਾ ਜ਼ਰੂਰੀ ਹੈ। ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਇਹ ਵੀ ਆਪਣੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਹੁੰਦਿਆਂ ਪਿੰਡ ਪੱਧਰ ਤੋਂ ਆਪਣੇ ਪੰਥਕ ਸਫਰ ਦਾ ਨਵਾਂ ਅਧਿਆਇ ਸ਼ੁਰੂ ਕਰੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਸਥਾ ਸੋ੍ਰਮਣੀ ਕਮੇਟੀ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਅਜਿਹੀਆਂ ਸ਼ਕਤੀਆਂ ਦੇ ਮੁਕਾਬਲੇ ਲਈ ਸਮੁੱਚਾ ਪੰਥ ਇਕਜੁੱਟ ਹੋਵੇ। ਉਨ੍ਹਾਂ ਕਿਹਾ ਕਿ ਸਵਾਲ ਪੁੱਛਣ ਦਾ ਹਰਇਕ ਨੂੰ ਹੱਕ ਹੈ, ਪਰ ਇਸ ਦੀ ਇਕ ਮਰਯਾਦਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਅੰਦਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਾਹਮਣੇ ਵਾਪਰੀਆਂ ਘਟਨਾਵਾਂ ਦੁਖਦਾਈ ਹਨ ਅਤੇ ਸਿੱਖਾਂ ਨੂੰ ਅਜਿਹੀਆਂ ਘਟਨਾਵਾਂ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਦੀ ਪਛਾਣ ਕਰਨੀ ਚਾਹੀਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟ ਕਿਹਾ ਕਿ ਇਹ ਮਾਮਲਾ ਪ੍ਰਬੰਧਕੀ ਅਤੇ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ ਨਾ ਕਿ ਬੇਅਦਬੀ ਨਾਲ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਨੇ ਨਿਰਪੱਖ ਜਾਂਚ ਕਰਵਾਈ ਹੈ ਅਤੇ ਪੰਥ ਨੂੰ ਇਸ ’ਤੇ ਸ਼ੱਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਸੌ ਸਾਲਾ ਸਥਾਪਨਾ ਦਿਵਸ ਦੀ ਖ਼ਾਲਸਾ ਪੰਥ ਨੂੰ ਵਧਾਈ ਵੀ ਦਿੱਤੀ।