ਅੰਮ੍ਰਿਤਸਰ – ਕੌਮ ਨੂੰ ਦੋਫ਼ਾੜ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਕੌਮ ਨੂੰ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸਕ ਪਿਛੋਕੜ ਇੰਨਾ ਮਹੱਤਵਪੂਰਨ ਸੀ ਕਿ ਇਸ ਨੇ ਦੇਸ਼ ਦੀ ਅਜ਼ਾਦੀ ਦੇ ਘੋਲ ਲਈ ਵੱਡਾ ਉਤਸ਼ਾਹ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਦੀਆਂ ਹਨ ਅਤੇ ਅਜ਼ਾਦੀ ਤੋਂ ਬਾਅਦ ਵੀ ਸਿੱਖਾਂ ਨੇ ਹਰ ਖੇਤਰ ਵਿਚ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸੰਗਤੀ ਸੰਸਥਾ ਹੈ, ਪਰੰਤੂ ਇਸ ਵਿਰੋਧੀਆਂ ਤੋਂ ਇਸ ਦੀ ਆਭਾ ਸਹਾਰੀ ਨਹੀਂ ਜਾਂਦੀ। ਉਨ੍ਹਾਂ ਸਿੱਖ ਵਿਰੋਧੀ ਸ਼ਕਤੀਆਂ ਦੇ ਬਹਿਕਾਵੇਂ ਵਿਚ ਆ ਕੇ ਸ਼੍ਰੋਮਣੀ ਕਮੇਟੀ ਦੀ ਵਿਰੋਧਤਾ ਕਰਨ ਵਾਲੇ ਲੋਕਾਂ ਨੂੰ ਕਿਹਾ ਕਿ ਉਹ ਪਹਿਲਾਂ ਇਸਦੇ ਇਤਿਹਾਸਕ ਪਿਛੋਕੜ ਅਤੇ ਪ੍ਰਾਪਤੀਆਂ ਵੀ ਜਾਣਕਾਰੀ ਹਾਸਲ ਕਰਨ। ਨਿੱਜੀ ਲਾਲਸਾਵਾਂ ਕਾਰਨ ਸਿੱਖ ਪੰਥ ਦੀ ਸੇਵਕ ਸੰਸਥਾ ਨੂੰ ਭੰਡਣਾ ਠੀਕ ਨਹੀਂ ਹੈ। ਸਿੱਖ ਪੰਥ ਅੱਗੇ ਮੌਜੂਦਾ ਚੁਣੌਤੀਆਂ ’ਤੇ ਗੰਭੀਰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾਖੋਰੀ, ਪਤਿਤਪੁਣਾ, ਧਰਮ ਪ੍ਰਵਰਤਨ ਅਤੇ ਦੇਸ਼ ਵਿਚ ਘਟਗਿਣਤੀਆਂ ਵਿਚ ਵੱਧ ਰਹੀ ਅਸੁਰੱਖਿਆ ਦੀ ਭਾਵਨਾ ਨੂੰ ਦੂਰ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਘਟਗਿਣਤੀਆਂ ਦੀ ਰਖਵਾਲੀ ਨੂੰ ਯਕੀਨੀ ਬਣਾਉਣਾ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਦੀ ਜ਼ੁੰਮੇਵਾਰੀ ਹੈ। ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਨੂੰ ਵਿਰਸੇ ਦੀ ਸਾਂਭ-ਸੰਭਾਲ ਅਤੇ ਨੌਜੁਆਨੀ ਅੰਦਰ ਇਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹੰਭਲਾ ਮਾਰਨ ਲਈ ਕਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਦੇ ਆਪਸੀ ਤਾਲਮੇਲ ਨਾਲ ਸਾਰੀਆਂ ਚੁਣੌਤੀਆਂ ਤੋਂ ਪਾਰ ਜਾ ਕੇ ਸਾਰਥਿਕ ਸਿੱਟੇ ਜ਼ਰੂਰ ਨਿਕਲਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਿੱਖਿਆ, ਸਿਹਤ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਸੁਝਾਅ ਦਿੰਦਿਆਂ ਕਿਹਾ ਕਿ ਪੰਥਕ ਸੇਵਾਵਾਂ ਵਿਚ ਬੇਹਤਰ ਨਤੀਜੇ ਲੈਣ ਲਈ ਭਵਿੱਖੀ ਯੋਜਨਾਵਾਂ ਨੂੰ ਪੰਜ ਸਾਲਾ ਦਾਇਰੇ ਅੰਦਰ ਪੂਰਾ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਨੇ ਸੰਗਤਾਂ ਪਾਸੋਂ ਵੀ ਸੁਝਾਅ ਲੈ ਕੇ ਗੌਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਾਨਕਸਰ ਸੰਪਰਦਾ ਵੱਲੋਂ ਬਾਬਾ ਲੱਖਾ ਸਿੰਘ, ਨਿਰਮਲੇ ਸੰਪਰਦਾ ਤੋਂ ਬਾਬਾ ਤੇਜਾ ਸਿੰਘ ਐਮ.ਏ., ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੇ ਸਬੰਧ ਵਿਚ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦਾ ਸੰਖੇਪ ਇਤਿਹਾਸ ਦਰਸਾਉਂਦਾ ਇਕ ਕਿਤਾਬਚਾ ਜਾਰੀ ਕੀਤਾ ਗਿਆ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ।