ਨਵੀਂ ਦਿੱਲੀ – ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਅੱਜ ਕਰੋਨਾ ਮਹਾਮਾਰੀ ਨਾਲ ਨਜਿੱਠਣ ਅਤੇ ਤਾਲਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਸਰਕਾਰ ’ਤੇ ਗ਼ੈਰ-ਯੋਜਨਾਬੱਧ ਢੰਗ ਨਾਲ ਤਾਲਾਬੰਦੀ ਕਰਕੇ ਲੱਖਾਂ ਲੋਕਾਂ ਨੂੰ ਗਰੀਬੀ ਵੱਲ ਧੱਕਣ, ਉਨ੍ਹਾਂ ਦੀਆਂ ਜ਼ਿੰਦਗੀਆਂ ਖ਼ਤਰੇ ’ਚ ਪਾਉਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਨਾਲ ਸਮਝੌਤਾ ਕਰਨ ਲਈ ਮਜਬੂਰ ਕਰਨ ਦਾ ਕਥਿਤ ਦੋਸ਼ ਲਾਇਆ। ਕਾਂਗਰਸੀ ਨੇਤਾ ਨੇ ਟਵਿੱਟਰ ’ਤੇ ਪੋਸਟ ਨਾਲ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸੰਸਦੀ ਕਮੇਟੀ ਦੀ ਇੱਕ ਖ਼ਬਰ ਵੀ ਟੈਗ ਕੀਤੀ ਹੈ। ਰਾਹੁਲ ਨੇ ਟਵੀਟ ਕੀਤਾ, ‘ਮੋਦੀ ਸਰਕਾਰ ਦੀ ਗ਼ੈਰ-ਯੋਜਨਾਬੱਧ ਤਾਲਾਬੰਦੀ ਨੇ ਲੱਖਾਂ ਲੋਕਾਂ ਨੂੰ ਗਰੀਬੀ ਵੱਧ ਧੱਕਿਆ, ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ ’ਚ ਪਾਇਆ ਅਤੇ ਡਿਜੀਟਲ ਵੰਡ ਕਾਰਨ ਵਿਦਿਆਰਥੀਆਂ ਨੂੰ ਭਵਿੱਖ ਨਾਲ ਸਮਝੌਤਾ ਕਰਨ ਲਈ ਮਜਬੂਰ ਕੀਤਾ ਹੈ।’ ਉਨ੍ਹਾਂ ਦੋਸ਼ ਲਾਇਆ, ‘ਇਹ ਕੌੜੀ ਸਚਾਈ ਹੈ ਅਤੇ ਕੇਂਦਰ ਸਰਕਾਰ ਆਪਣੇ ਸਪੱਸ਼ਟ ਝੂਠ ਨਾਲ ਇਸ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।’