ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵੱਲੋਂ ਸੂਬੇ ਵਿੱਚ ਰੇਲ ਰੋਕਾਂ ਹਟਾ ਕੇ ਮੁਸਾਫਰ ਅਤੇ ਰੇਲ ਗੱਡੀਆਂ ਚਲਾਉਣ ਦੀ ਆਗਿਆ ਦੇਣ ਦੇ ਕੀਤੇ ਫੈਸਲੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਅੱਗੇ ਤੋਰਨ ਦੇ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ।ਮੁੱਖ ਮੰਤਰੀ, ਜਿਨ੍ਹਾਂ ਨੇ ਪਿਛਲੇ ਹਫਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਕੇ ਮਸਲੇ ਨੂੰ ਛੇਤੀ ਤੋਂ ਛੇਤੀ ਸੁਲਝਾਉਣ ਦੀ ਅਪੀਲ ਕੀਤੀ ਸੀ, ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੋਈ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ 3 ਦਸੰਬਰ ਨੂੰ ਸੱਦਾ ਦਿੱਤਾ ਹੈ। ਇਸ ਸਬੰਧ ਵਿੱਚ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਅਗਲੇਰੀ ਗੱਲਬਾਤ ਨਾਲ ਕੇਂਦਰੀ ਖੇਤੀ ਕਾਨੂੰਨਾਂ ‘ਤੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ ਲਈ ਰਾਹ ਪੱਧਰਾ ਹੋਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਸਲੇ ਦਾ ਛੇਤੀ ਤੋਂ ਛੇਤੀ ਹੱਲ ਕੀਤੇ ਜਾਣਾ ਪੰਜਾਬ ਦੇ ਹਿੱਤ ਵਿੱਚ ਬਹੁਤ ਅਹਿਮ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਤਸੱਲੀ ਜ਼ਾਹਰ ਕੀਤੀ ਕਿ ਕਿਸਾਨ ਯੂਨੀਅਨਾਂ ਅਤੇ ਭਾਰਤ ਸਰਕਾਰ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਦੇ ਸੁਖਾਵੇਂ ਹੱਲ ਲਈ ਲਚਕਦਾਰ ਪਹੁੰਚ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਦੇ ਮੁੱਦੇ ਨਾਲ ਲੰਮਾ ਸਮਾਂ ਪੈਣ ਵਾਲੇ ਪ੍ਰਭਾਵਾਂ ‘ਤੇ ਗੌਰ ਕਰੇਗੀ ਅਤੇ ਇਸ ਦਾ ਗੰਭੀਰ ਅਸਰ ਸਿਰਫ ਪੰਜਾਬ ਜਾਂ ਇੱਥੋਂ ਦੇ ਕਿਸਾਨਾਂ ‘ਤੇ ਨਹੀਂ ਸਗੋਂ ਸਮੁੱਚੇ ਮੁਲਕ ਦੇ ਖੇਤੀ ਸੈਕਟਰ ਅਤੇ ਅਨਾਜ ਸੁਰੱਖਿਆ ‘ਤੇ ਵੀ ਪਵੇਗਾ।ਇਸੇ ਦੌਰਾਨ ਕਰੀਬ ਦੋ ਮਹੀਨਿਆਂ ਬਾਅਦ ਪੰਜਾਬ ਵਿੱਚ ਰੇਲ ਸੇਵਾਵਾਂ ਸ਼ੁਰੂ ਹੋਣ ਨਾਲ ਆਖਰ ਜ਼ਰੂਰੀ ਵਸਤਾਂ ਦੀ ਸਪਲਾਈ ਬਹਾਲ ਹੋਣ ‘ਤੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਬਿਜਲੀ ਪਲਾਂਟਾਂ ਅਤੇ ਉਦਯੋਗ ਨੂੰ ਕੱਚੇ ਮਾਲ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਨ ਲਈ ਆਖਿਆ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਆਦੇਸ਼ ਦਿੱਤੇ ਕਿ ਵੱਖ-ਵੱਖ ਯੂਨਿਟਾਂ ਦੇ ਰੁਕੇ ਹੋਏ ਕਾਰਜ ਤੁਰੰਤ ਸ਼ੁਰੂ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਵਿਨੀ ਮਹਾਜਨ ਨੂੰ ਕਿਹਾ ਕਿ ਅਹਿਮ ਯੂਨਿਟਾਂ ਨੂੰ ਜ਼ਰੂਰੀ ਸਪਲਾਈ ਪਹਿਲ ਦੇ ਆਧਾਰ ‘ਤੇ ਪਹੁੰਚਾਉਣ ਲਈ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਦੀ ਟੀਮ ਸਪਲਾਈ ਅਤੇ ਪ੍ਰਕ੍ਰਿਆ ਨੂੰ ਸੁਚਾਰੂ ਬਣਾਉਣ ਲਈ ਬੰਦੋਬਸਤ ਕਰ ਰਹੀ ਹੈ ਜਿਸ ਨਾਲ ਵੱਖ-ਵੱਖ ਵਿਭਾਗਾਂ ਰਾਹੀਂ ਸਬੰਧਤ ਉਦਯੋਗਿਕ ਯੂਨਿਟਾਂ ਨੂੰ ਤੁੰਰਤ ਅਤਿ ਲੋੜੀਂਦਾ ਕੱਚਾ ਮਾਲ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।