ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ,ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਵਿੱਚ 102 ਰੇਡੀਓਗ੍ਰਾਫਰ,52 ਓਟੀ ਅਸਿਸਟੈਂਟ ਤੇ 6 ਈਸੀਜੀ ਟੈਕਨੀਸ਼ੀਅਨ ਸ਼ਾਮਿਲ ਹਨ। ਵਿਭਾਗ ਅਧੀਨ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ `ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਿੱਖ ਨਵੇਂ ਨਿਯੁਕਤ ਕੀਤੇ ਗਏ ਸਟਾਫ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਣਾਲੀ ਦੀ ਸ਼ਾਖ਼ ਵਿੱਚ ਸੁਧਾਰ ਲਿਆਂਦਾ ਜਾਵੇਗਾ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਉਪਲਬੱਧ ਕਰਵਾਈਆਂ ਜਾਣਗੀਆਂ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਟਾਫ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਸਿਹਤ ਵਿਭਾਗ ਦੇ ਸਟਾਫ ਨੇ ਪੂਰੀ ਜਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ।ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਘਰ-ਘਰ ਰੁਜ਼ਗਾਰ ਮੁਹਿੰਮ ਅਧੀਨ ਲਗਭਗ 6000 ਨੌਕਰੀਆਂ ਦਿੱਤੀਆਂ ਗਈਆਂ,ਜਿਸ ਵਿੱਚ ਰੇਗੂਲਰ ਤੌਰ ਤੇ 249 ਮਾਹਿਰ ਡਾਕਟਰ,375 ਮੈਡੀਕਲ ਅਫ਼ਸਰ,35 ਡੈਂਟਲ ਅਫਸਰਾਂ ਤੋਂ ਇਲਾਵਾ ਪੈਰਾ ਮੈਡੀਕਲ ਤੇ ਹੋਰ ਸਟਾਫ ਸ਼ਾਮਿਲ ਹੈ। ਇਸ ਤੋਂ ਇਲਾਵਾ ਐਨ.ਐਚ.ਐਮ. ਅਧੀਨ ਸਪੈਸ਼ਲਿਸਟ,ਪੈਰਾ ਮੈਡੀਕਲ ਤੇ ਹੋਰ ਸਟਾਫ ਦੀ ਭਰਤੀ ਕੀਤੀ ਗਈ ਹੈ। ਆਉਂਦੇ 4 ਮਹੀਨਿਆਂ ਵਿੱਚ ਲਗਭਗ 4000 ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ।ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਨੇ ਨਵ-ਨਿਯੁਕਤ ਸਟਾਫ ਨੂੰ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਸਭ ਦੀ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਨਿਯੁਕਤੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਅਤੇ ਇਹ ਬਿਮਾਰੀ ਅਜੇ ਖਤਮ ਨਹੀਂ ਹੋਈ ਹੈ ਅਤੇ ਰੋਜ਼ਾਨਾ ਸੈਂਕੜੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ,ਹੱਥਾਂ ਨੂੰ ਸਮੇਂ ਸਮੇਂ ਤੇ ਧੋਣ ਤੇ ਸਮਾਜਿਕ ਦੂਰੀ ਬਣਾਉਣ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ।ਇਸ ਮੌਕੇ ਬਾਬਾ ਬਕਾਲਾ ਤੋਂ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ,ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ,ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਤੇ ਹੋਰ ਅਧਿਕਾਰੀ ਮੌਜੂਦ ਸਨ।