ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੇ ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਮੀਤ ਸਿੰਘ ਬੂਹ, ਸ. ਹਰਪਾਲ ਸਿੰਘ ਜੱਲ੍ਹਾ, ਸ. ਬਲਵਿੰਦਰ ਸਿੰਘ ਵੇਈਂਪੂਈਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਸਿੱਖ ਸੰਗਤ ਅੰਦਰ ਹਮੇਸ਼ਾ ਰਹਿੰਦੀ ਹੈ। ਗੁਰਪੁਰਬਾਂ ਅਤੇ ਇਤਿਹਾਸਕ ਦਿਹਾੜਿਆਂ ਮੌਕੇ ਇਨ੍ਹਾਂ ਅਸਥਾਨਾਂ ਦੀ ਯਾਤਰਾ ਕਰਨ ਲਈ ਸੰਗਤ ਵਿਚ ਭਾਰੀ ਉਤਸ਼ਾਹ ਹੁੰਦਾ ਹੈ। ਪਰੰਤੂ ਪਾਕਿਸਤਾਨ ਦੂਤਾਵਾਸ ਵੱਲੋਂ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨ ਨਾਲ ਸੰਗਤਾਂ ਦੀ ਸ਼ਰਧਾ ਨੂੰ ਠੇਸ ਪੁੱਜਦੀ ਹੈ। ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਪਾਕਿਸਤਾਨ ਦੂਤਾਵਾਸ ਨੂੰ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦੇਣੇ ਚਾਹੀਦੇ ਹਨ। ਇਸ ਦੌਰਾਨ ਭਾਈ ਲੌਂਗੋਵਾਲ ਨੇ ਕੋਰੋਨਾ ਤੋਂ ਬਚਣ ਲਈ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਸੰਗਤ ਨੂੰ ਅਪੀਲ ਕੀਤੀ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਵੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸੁਪਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਨਰਿੰਦਰ ਸਿੰਘ ਆਦਿ ਮੌਜੂਦ ਸਨ।