ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਬੀਬੀ ਜਗੀਰ ਕੌਰ ਨੇ ਕੌਮੀ ਇਕਜੁਟਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪ੍ਰਧਾਨ ਬਣੇ ਹਨ ਅਤੇ ਉਹ ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਹਰ ਇਕ ਦਾ ਸਹਿਯੋਗ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਫਲਸਫਾ ਸ਼ਾਨਾਮੱਤਾ ਹੈ, ਜਿਸ ਨੂੰ ਪ੍ਰਚਾਰਨ ਲਈ ਵੱਡੇ ਯਤਨ ਕੀਤੇ ਜਾਣਗੇ। ਉਨ੍ਹਾਂ ਕੌਮੀ ਇਕਜੁਟਤਾ ਨੂੰ ਅਹਿਮ ਦੱਸਦਿਆਂ ਕਿਹਾ ਕਿ ਵਰਤਮਾਨ ਸਮੇਂ ਇਸ ਦੀ ਵੱਡੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਇਕ ਪਰਿਵਾਰ ਹੈ, ਜਿਸ ਵਿਚ ਹਰ ਇਕ ਦਾ ਸਤਿਕਾਰ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਤਭੇਦ ਭੁਲਾ ਕੇ ਇਕਜੁੱਟਤਾ ਨਾਲ ਹੀ ਪੰਥਕ ਚੁਣੌਤੀਆਂ ਅਤੇ ਸਮੱਸਿਆਵਾਂ ਦਾ ਹੱਲ ਸੰਭਵ ਹੈ ਅਤੇ ਇਸੇ ਦਿਸ਼ਾ ਵਿਚ ਹੀ ਉਹ ਅੱਗੇ ਵਧਣਗੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਸੇਵਾ ਲਈ ਭਰੋਸਾ ਪ੍ਰਗਟ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਦਲ ਦੇ ਸਮੁੱਚੇ ਆਗੂਆਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਬੀਬੀ ਜਗੀਰ ਕੌਰ ਨੇ ਸਿੰਘ ਸਾਹਿਬਾਨ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।