ਨਵੀਂ ਦਿੱਲੀ – ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਪਹੁੰਚ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਇਨ੍ਹਾਂ ਸੁਧਾਰਾਂ ਨੇ ਕਿਸਾਨਾਂ ਲਈ ਨਵੇਂ ਮੌਕਿਆਂ ਦੇ ਰਾਹ ਖੋਲ੍ਹ ਦਿੱਤੇ ਹਨ। ਆਕਾਸ਼ਵਾਣੀ ’ਤੇ ਮਾਸਿਕ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਲਾਗੂ ਹੋਣ ਦੇ ਥੋੜ੍ਹੇ ਸਮੇਂ ਅੰਦਰ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਘਟਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਮਹਾਰਾਸ਼ਟਰ ਦੇ ਕਿਸਾਨ ਦੀ ਮਿਸਾਲ ਦਿੱਤੀ ਜਿਸ ਨੂੰ ਖੇਤੀ ਕਾਨੂੰਨ ਦੀਆਂ ਧਾਰਾਵਾਂ ਕਾਰਨ ਵਪਾਰੀ ਤੋਂ ਰਕਮ ਵਾਪਸ ਮਿਲ ਗਈ ਜਦਕਿ ਪਹਿਲਾਂ ਉਹ ਪੈਸੇ ਦੇਣ ਤੋਂ ਟਾਲਾ ਵੱਟ ਰਿਹਾ ਸੀ। ਸ੍ਰੀ ਮੋਦੀ ਨੇ ਕਿਹਾ,‘‘ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਨੂੰ ਕਈ ਸਾਲਾਂ ਤੋਂ ਹਰੇਕ ਸਿਆਸੀ ਪਾਰਟੀ ਪੂਰਾ ਕਰਨ ਦੇ ਵਾਅਦੇ ਕਰਦੀ ਆ ਰਹੀ ਸੀ, ਹੁਣ ਪੂਰੀਆਂ ਹੋ ਗਈਆਂ ਹਨ। ਇਨ੍ਹਾਂ ਸੁਧਾਰਾਂ ਨਾਲ ਕਿਸਾਨ ਨਾ ਸਿਰਫ਼ ਵੱਖ ਵੱਖ ਬੰਦਸ਼ਾਂ ਤੋਂ ਆਜ਼ਾਦ ਹੋ ਗਿਆ ਹੈ ਸਗੋਂ ਉਸ ਨੂੰ ਨਵੇਂ ਮੌਕੇ ਅਤੇ ਹੱਕ ਵੀ ਪ੍ਰਦਾਨ ਕੀਤੇ ਗਏ ਹਨ।’’ ਆਪਣੇ ਸੰਬੋਧਨ ਦੌਰਾਨ ਸ੍ਰੀ ਮੋਦੀ ਨੇ ਕਿਹਾ ਕਿ ਅਫ਼ਵਾਹਾਂ ਅਤੇ ਦੁਚਿੱਤੀ ਦੇ ਮਾਹੌਲ ਤੋਂ ਦੂਰ ਕੋਈ ਵੀ ਸਹੀ ਸੂਚਨਾ ਕਿਸੇ ਵੀ ਖੇਤਰ ਦੇ ਲੋਕਾਂ ਲਈ ਵੱਡੀ ਤਾਕਤ ਹੁੰਦੀ ਹੈ। ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਵੱਖ ਵੱਖ ਵਿਸ਼ਿਆਂ ਨੂੰ ਛੋਹਿਆ ਅਤੇ ਵਿਦਿਅਕ ਅਦਾਰਿਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਪੁਰਾਣੇ ਵਿਦਿਆਰਥੀਆਂ ਤੋਂ ਨਵੀਆਂ ਕਾਢਾਂ ਅਤੇ ਹੋਰ ਸਰਗਰਮੀਆਂ ਲਈ ਸਹਾਇਤਾ ਲੈਣ।