ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਉਹ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਦੇਸ਼ ਦੇ ਕਿਸਾਨ ਕੌਮੀ ਰਾਜਧਾਨੀ ਦੇ ਦਾਖਲਿਆਂ ’ਤੇ ਡਟੇ ਹੋਏ ਹਨ ਅਤੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਮੋਦੀ ਸਰਕਾਰ ਇਤਿਹਾਸਕ ਦੱਸ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਸੇ ਵੀ ਵਿਰੋਧੀ ਪਾਰਟੀ ਦਾ ਨਾਂ ਲਏ ਬਿਨਾਂ ਕਿਹਾ, ‘ਜਿਹੜੇ ਲੋਕ ਦਹਾਕਿਆਂ ਤੱਕ ਲੋਕਾਂ ਨੂੰ ਗੁੰਮਰਾਹ ਕਰਦੇ ਰਹੇ ਹਨ, ਉਹ ਹੁਣ ਇਨ੍ਹਾਂ ਇਤਿਹਾਸਕ ਖੇਤੀ ਕਾਨੂੰਨਾਂ ਦੇ ਮਾਮਲੇ ’ਚ ਵੀ ਉਨ੍ਹਾਂ ਨੂੰ ਗੁੰਮਰਾਹ ਕਰ ਰਹੇ ਹਨ।’ ਪ੍ਰਧਾਨ ਮੰਤਰੀ ਅੱਜ ਆਪਣੇ ਲੋਕ ਸਭਾ ਹਲਕੇ ਵਾਰਾਣਸੀ ’ਚ ਜਨਤਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਲੋਕ ਸਮਾਜ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ, ‘ਇਹ ਉਹੀ ਲੋਕ ਹਨ ਜੋ ਪਹਿਲਾਂ ਕਿਸਾਨਾਂ ਨੂੰ ਐੱਮਐੱਸਪੀ, ਕਰਜ਼ਾ ਮੁਆਫ਼ੀ ਅਤੇ ਖਾਦ ਸਬਸਿਡੀ ਦੇ ਨਾਂ ’ਤੇ ਗੁੰਮਰਾਹ ਕਰਦੇ ਰਹੇ ਹਨ। ਕਿਸਾਨਾਂ ਨੂੰ ਲੰਮਾਂ ਸਮਾਂ ਠੱਗਿਆ ਜਾਂਦਾ ਰਿਹਾ ਹੈ।’ ਕਿਸਾਨਾਂ ਲਈ ਚਲਾਈਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਜ ਇੱਥੇ ਵਾਰਾਣਸੀ ਤੋਂ ਅਲਾਹਾਬਾਦ ਵਿਚਾਲੇ 73 ਕਿਲੋਮੀਟਰ ਲੰਮਾ ਹਾਈਵੇਅ ਦੇਸ਼ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਯੂਪੀ ਨੂੰ ‘ਐਕਸਪ੍ਰੈੱਸ ਪ੍ਰਦੇਸ਼’ ਦਾ ਦਰਜਾ ਮਿਲ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਲਈ ਨਵੇਂ ਬਦਲ ਤੇ ਮੌਕੇ ਲੈ ਕੇ ਆਏ ਹਨ ਅਤੇ ਉਨ੍ਹਾਂ ਨੂੰ ਕਾਨੂੰਨੀ ਸੁਰੱਖਿਆ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ, ‘‘ਹਾਲਾਂਕਿ ਲੋਕਤੰਤਰ ਵਿੱਚ ਹਰ ਕੋਈ ਸਵਾਲ ਕਰ ਸਕਦਾ ਹੈ ਪਰ ਹੁਣ ਇਕ ਨਵਾਂ ਰੁਝਾਨ ਚੱਲਿਆ ਹੈ ਜਿਸ ਵਿੱਚ ਕੁਝ ਲੋਕ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ ਖ਼ਿਲਾਫ਼ ਭਰਮ ਤੇ ਅਫ਼ਵਾਹਾਂ ਫੈਲਾ ਰਹੇ ਹਨ। ਇਨ੍ਹਾਂ ਤਾਕਤਾਂ ਨੇ ਇਸ ਪੱਧਰ ਤੱਕ ਭਰਮ ਫੈਲਾ ਦਿੱਤਾ ਹੈ ਕਿ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।