ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਫਾਂਬੜਾ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਇਸ ਸਬੰਧੀ ਦੁੱਖ ਪ੍ਰਗਟ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬ-ਸਾਂਝੇ ਗੁਰੂ ਹਨ ਅਤੇ ਇਸ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਦੇ ਪਿੰਡ ਭੋਏਵਾਲ ਨਜਦੀਕ ਪਾਵਨ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੜਕ ਉਪਰ ਖਿਲਾਰੇ ਜਾਣ ਦੇ ਮਾਮਲੇ ਤੇ ਵੀ ਗੰਭੀਰਤਾ ਦਿਖਾਉਂਦਿਆਂ, ਦੋਸ਼ੀਆਂ ਖਿਲਾਫ ਕਾਰਵਾਈ ਮਗੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਬੇਹੱਦ ਦੁਖਦਾਈ ਹੈ ਅਤੇ ਅਜਿਹਾ ਕਰਨ ਵਾਲੇ ਲੋਕਾਂ ਨੂੰ ਕਰੜੀਆਂ ਸਜ਼ਾਵਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਵੀ ਸੁਚੇਤ ਕਰਦਿਆਂ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।