ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁਕਤ ਕੀਤੇ ਗਏ ਐਵੋਡਕੇਟ ਹਰਜਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅੱਜ ਆਪਣਾ ਅਹੁਦਾ ਸੰਭਾਲ ਲਿਆ। ਸ਼੍ਰੋਮਣੀ ਕਮੇਟੀ ਦੇ ਲੰਮੇ ਅਰਸੇ ਤੋਂ ਮੈਂਬਰ ਚੱਲੇ ਆ ਰਹੇ ਐਡਵੋਕੇਟ ਹਰਜਿੰਦਰ ਸਿੰਘ ਪਿਛਲੇ ਸਾਲ ਜਨਰਲ ਸਕੱਤਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੂੰ ਅੱਜ ਅਹੁਦਾ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਨਾਮ ਸਿੰਘ ਜੱਸਲ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੇ। ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿਥੇ ਸ. ਹਰਜਿੰਦਰ ਸਿੰਘ ਨੂੰ ਸ਼ੁਭ ਇਛਾਵਾਂ ਦਿੱਤੀਆਂ, ਉਥੇ ਹੀ ਪ੍ਰਬੰਧ ਨੂੰ ਕੁਸ਼ਲਤਾ ਨਾਲ ਚਲਾਉਣ ਦੀ ਆਸ ਵੀ ਪ੍ਰਗਟਾਈ। ਇਸ ਮੌਕੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਚਲਾਉਣ ਲਈ ਇਸ ਦੇ ਇਤਿਹਾਸ ਅਤੇ ਰਵਾਇਤਾਂ ਦੇ ਨਾਲ-ਨਾਲ ਮੌਜੂਦਾ ਪ੍ਰਸਥਿਤੀਆਂ ਨੂੰ ਵੀ ਧਿਆਨ ਵਿਚ ਰੱਖਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਬੀਬੀ ਰਜਨੀਤ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਭਾਈ ਅਮਰੀਕ ਸਿੰਘ ਭਾਗੋਵਾਲ, ਸ. ਰਵਿੰਦਰਪਾਲ ਸਿੰਘ ਸੂਚ, ਸ. ਸਰਬਜੀਤ ਸਿੰਘ ਥਿਆੜਾ, ਸ. ਗੁਰਜੀਤ ਸਿੰਘ ਨੀਲਾ ਨਲੋਆ, ਸ. ਅਤਿੰਦਰਪਾਲ ਸਿੰਘ ਧੱਗੜ, ਸ. ਹਰਜੋਤ ਸਿੰਘ ਕੰਵਲ ਆਦਿ ਮੌਜੂਦ ਸਨ।