ਜਲੰਧਰ – ਪੰਜਾਬੀ ਗਾਇਕ ਅਤੇ ਅਦਾਕਾਰ ਸ੍ਰੀ ਹਰਭਜਨ ਮਾਨ ਨੇ ਸ਼੍ਰੋਮਣੀ ਗਾਇਕ ਪੁਰਸਕਾਰ ਲੈਣ ਤੋਂ ਨਾਂਹ ਕਰ ਦਿੱਤੀ ਹੈ| ਉਨ੍ਹਾਂ ਨੇ ਹਾਲ ਹੀ ਵਿੱਚ ਆਪਣੇ ਫੇਸਬੁੱਕ ਅਕਾਊਂਟ ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਦੱਸਿਆ ਹੈ ਕਿ ਉਹ ਸ਼੍ਰੋਮਣੀ ਗਾਇਕ ਪੁਰਸਕਾਰ ਨਹੀਂ ਲੈ ਰਹੇ ਹਨ| ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਭਾਸ਼ਾ ਵਿਭਾਗ ਵੱਲੋਂ ਦਿੱਤੇ ਜਾਂਦੇ ਸਾਲਾਨਾ ਸ਼੍ਰੋਮਣੀ ਪੁਰਸਕਾਰਾਂ ਵਿੱਚ ਮੇਰੀ ਚੋਣ ‘ਸ਼੍ਰੋਮਣੀ ਗਾਇਕ’ ਐਵਾਰਡ ਲਈ ਹੋਈ ਹੈ| ਇਸ ਐਵਾਰਡ ਦੀ ਚੋਣ ਲਈ ਮੈਂ ਸਲਾਹਕਾਰ ਬੋਰਡ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੇਰੇ ਵੱਲੋਂ ਅਪਲਾਈ ਕੀਤੇ ਬਿਨਾਂ ਮੈਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣਿਆ| ਪਰ ਅੱਜ ਮੈਂ ਜਿਸ ਵੀ ਮੁਕਾਮ ਤੇ ਪਹੁੰਚਿਆ ਹਾਂ, ਉਹ ਕਿਸਾਨਾਂ, ਮਾਂ ਬੋਲੀ ਪੰਜਾਬੀ ਅਤੇ ਸਮੂਹ ਪੰਜਾਬੀਆਂ ਦੀ ਬਦੌਲਤ ਹੀ ਹੈ|ਜਿਕਰਯੋਗ ਹੈ ਕਿ ਹਰਭਜਨ ਮਾਨ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਹੱਕਾਂ ਲਈ ਲੱਗੇ ਮੋਰਚੇ ਵੱਚ ਹਿੱਸਾ ਲੈ ਰਹੇ ਹਨ| ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਹਨ| ਹਰਭਜਨ ਮਾਨ ਨੇ ਲਿਖਿਆ ਕਿ ਕਿਸਾਨੀ ਪਰਿਵਾਰ ਵਿੱਚ ਜਨਮ ਲੈਣ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੇ ਜੀਵਨ ਦਾ ਹਰ ਸਾਹ ਕਿਸਾਨਾਂ ਦਾ ਕਰਜ਼ਦਾਰ ਹੈ ਅਤੇ ਉਨ੍ਹਾਂ ਦਾ ਰੋਮ-ਰੋਮ ਕਿਸਾਨਾਂ ਦਾ ਕਰਜ਼ਈ ਹੈ| ਉਨ੍ਹਾਂ ਦੀ ਗਾਇਕੀ ਨੂੰ ਵੀ ਕਿਸਾਨਾਂ ਵੱਲੋਂ ਪਿਆਰ ਕੀਤਾ ਗਿਆ, ਜਿਸ ਸਦਕਾ ਉਹ ਅੱਜ ਇਸ ਐਵਾਰਡ ਹਾਸਿਲ ਕਰਨ ਦੇ ਕਾਬਲ ਹੋਏ| ਅੱਜ ਜਦੋਂ ਪੰਜਾਬ ਸਣੇ ਸਾਰੇ ਮੁਲਕ ਦਾ ‘ਅੰਨਦਾਤਾ’ ਸੜਕਾਂ ਤੇ ਹੈ ਅਤੇ ਕਿਸਾਨਾਂ ਦੇ ਹੱਕ ਖੋਹਣ ਵਾਲਿਆਂ ਤੋਂ ਇਨਸਾਫ ਮੰਗਦੇ ਹੋਏ ਰੁਲ ਰਹੇ ਹਨ| ਉਨ੍ਹਾਂ ਦਾ ਭਵਿੱਖ ਹਨੇਰੇ ਵਿੱਚ ਹੈ ਤਾਂ ਇਸ ਮੌਕੇ ਉਹ ‘ਸ਼੍ਰੋਮਣੀ ਐਵਾਰਡ’ ਹਾਸਿਲ ਕਰਦੇ ਸ਼ੋਭਦੇ ਨਹੀਂ ਹਨ| ਕਿਸਾਨੀ ਲਈ ਇਸ ਔਖੇ ਚੱਲ ਰਹੇ ਸਮੇਂ ਦੌਰਾਨ ਉਹ ਅਤੇ ਉਨ੍ਹਾਂ ਦੇ ਪਰਿਵਾਰ ਨੇ ਨਿਮਰਤਾ ਤੇ ਆਦਰ ਸਹਿਤ ਇਹ ਪੁਰਸਕਾਰ ਨਾ ਲੈਣ ਦਾ ਫ਼ੈਸਲਾ ਕੀਤਾ ਹੈ|ਇੱਥੇ ਜਿਕਰ ਕਰਨਾ ਬਣਦਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਹਿਤ ਅਤੇ ਕਲਾ ਦੇ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼੍ਰੋਮਣੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ| ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਵਿੱਚ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਰਾਜ ਸਲਾਹਕਾਰ ਬੋਰਡ ਦੀ ਮੀਟਿੰਗ ਵਿੱਚ ਇਨਾਂ ਪੁਰਸਕਾਰਾਂ ਦਾ ਫੈਸਲਾ ਕੀਤਾ ਗਿਆ ਹੈ|