ਪੂਰਾ ਦੇਸ਼ ਖੇਤੀ ਕਾਨੂੰਨਾਂ ਵਿਰੁੱਧ ਇਕਜੁਟ, ਪੰਜਾਬ ਦੇ ਲੋਕਾਂ ਦੀ ਭੂਮਿਕਾ ਸ਼ਲਾਘਾਯੋਗ- ਬੀਬੀ ਜਗੀਰ ਕੌਰ
ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ ਅਰਦਾਸ ਸਮਾਗਮ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਵਾਲੇ ਗੁਰਦੁਆਰਿਆਂ ਤੋਂ ਇਲਾਵਾ ਲੋਕਲ ਕਮੇਟੀਆਂ ਨਾਲ ਸਬੰਧਤ ਗੁਰੂ ਘਰਾਂ ਵਿਖੇ ਵੀ ਅੱਜ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਹੋਈ। ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਅਰਦਾਸ ਸਮਾਗਮ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਅਰਦਾਸ ਸਮਾਗਮ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਹਕੂਮਤ ਵੱਲੋਂ ਕਿਸਾਨਾਂ ਨੂੰ ਦਬਾਉਣ ਵਾਲੇ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇਸ਼ ਦੀ ਸਰਕਾਰ ਨੂੰ ਸੁਮੱਤ ਬਖ਼ਸ਼ਣ, ਤਾਂ ਜੋ ਉਹ ਮਨੁੱਖਤਾ ਦੀਆਂ ਭਾਵਨਾਵਾਂ ਨੂੰ ਸਮਝ ਸਕੇ। ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਪੂਰਾ ਦੇਸ਼ ਭਾਰਤ ਸਰਕਾਰ ਦੇ ਅੜੀਅਲ ਰਵੱਈਏ ਖਿਲਾਫ਼ ਖੜ੍ਹਾ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਆਪਣੇ ਹੀ ਲੋਕਾਂ ਦੀ ਅਵਾਜ਼ ਨਹੀਂ ਸੁਣ ਰਹੀ। ਇਥੋਂ ਤੱਕ ਕਿ ਸੰਯੁਕਤ ਰਾਸ਼ਟਰ ਸਮੇਤ ਕੈਨੇਡਾ ਅਤੇ ਹੋਰ ਦੇਸ਼ਾਂ ਦੇ ਪ੍ਰਮੁੱਖ ਆਗੂਆਂ ਵੱਲੋਂ ਵੀ ਕਿਸਾਨਾਂ ਦੀ ਹਮਾਇਤ ਕੀਤੀ ਗਈ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤੀ ਦੇਣ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਵੱਲੋਂ ਹੌਂਸਲੇ, ਹਿੰਮਤ ਤੇ ਦਲ੍ਹੇਰੀ ਨਾਲ ਉਠਾਈ ਜਾ ਰਹੀ ਹੱਕ ਸੱਚ ਦੀ ਅਵਾਜ਼ ਨੂੰ ਸਿੱਖ ਇਤਿਹਾਸ ਤੋਂ ਸੇਧਿਤ ਦੱਸਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਪੂਰਾ ਦੇਸ਼ ਇਕਜੁਟ ਹੈ ਅਤੇ ਇਸ ਦੌਰਾਨ ਪੰਜਾਬ ਦੇ ਲੋਕਾਂ ਦੀ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਹਮੇਸ਼ਾ ਹੀ ਹੱਕ ਸੱਚ ਦੀ ਲੜਾਈ ਲੜਦੇ ਰਹੇ ਹਨ ਅਤੇ ਸਿੱਖ ਇਤਿਹਾਸ ਅਜਿਹੇ ਸੰਘਰਸ਼ਾਂ ਲਈ ਸ਼ਕਤੀ ਦਾ ਸੋਮਾ ਹੈ। ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਅਵਾਜ਼ ਨੂੰ ਸੁਣੇ ਅਤੇ ਕਾਲੇ ਕਾਨੂੰਨ ਰੱਦ ਕਰੇ।ਅਰਦਾਸ ਸਮਾਗਮ ਮੌਕੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਮੀਤ ਸਿੰਘ ਬੂਹ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।