ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ, ਕਵੀਸ਼ਰ ਤੇ ਢਾਡੀ ਜਥਿਆਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰਕੇ ਪ੍ਰਚਾਰਕ ਸ਼੍ਰੇਣੀ ਨੂੰ ਸਿੱਖੀ ਪ੍ਰਚਾਰ ਲਈ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸੰਵਾਦ ਵਿਧੀ ਦਾ ਸਹਾਰਾ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੋਸ਼ਲ ਮੀਡੀਆ ਦੀ ਭੂਮਿਕਾ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਇਸ ਲਈ ਪ੍ਰਚਾਰਕ ਸ਼੍ਰੇਣੀ ਇਸ ਮਾਧਿਅਮ ਰਾਹੀਂ ਵੀ ਸੰਗਤ ਤੱਕ ਪਹੁੰਚ ਕਰੇ। ਸ਼੍ਰੋਮਣੀ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਇਕੱਤਰਤਾ ਦੌਰਾਨ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਤਿੰਨ ਸੌ ਤੋਂ ਵੱਧ ਪ੍ਰਚਾਰਕ, ਕਵੀਸ਼ਰ ਤੇ ਢਾਡੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ ਸ਼੍ਰੇਣੀ ਦਾ ਯੋਗਦਾਨ ਅਤਿ ਮਹੱਤਵਪੂਰਨ ਹੈ ਅਤੇ ਸੰਗਤ ਅੰਦਰ ਗੁਰਮਤਿ ਦੀ ਵਿਚਾਰਧਾਰਾ ਦਾ ਸੰਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ। ਉਨ੍ਹਾਂ ਕਿਹਾ ਕਿ ਆ ਰਹੀਆਂ ਸ਼ਤਾਬਦੀਆਂ ਮੌਕੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ, ਜਿਸ ਲਈ ਵੱਖ-ਵੱਖ ਸਮਾਗਮ ਉਲੀਕੇ ਜਾ ਰਹੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਚਾਰਕ ਜਿਥੇ ਵੀ ਪ੍ਰਚਾਰ ਕਰਨ ਲਈ ਜਾਣ, ਉਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਜ਼ਰੂਰ ਪਾਉਣ। ਉਨ੍ਹਾਂ ਨੇ ਪ੍ਰਚਾਰਕਾਂ ਨੂੰ ਹਰ ਵਿਸ਼ੇ ’ਤੇ ਸਪੱਸ਼ਟ ਜਾਣਕਾਰੀ ਸੰਗਤ ਤੱਕ ਪਹੁੰਚਾਉਣ ਦੀ ਪ੍ਰੇਰਣਾ ਕੀਤੀ ਅਤੇ ਪ੍ਰਚਾਰ ਢੰਗ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸਾਦਾ ਤੇ ਸਪੱਸ਼ਟ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੌਮੀ ਮਾਮਲਿਆਂ ਬਾਰੇ ਵੀ ਹਰ ਪ੍ਰਚਾਰਕ ਨੂੰ ਬਕਾਇਦਾ ਜਾਣਕਾਰੀ ਹੋਣੀ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਸਿੱਖੀ ਵਿਰੁੱਧ ਟਿੱਪਣੀਆਂ ਕਰਨ ਵਾਲੇ ਲੋਕਾਂ ਦਾ ਜਵਾਬ ਦੇਣ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤੋਂ ਇਲਾਵਾ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਓ.ਐਸ.ਡੀ. ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਸ. ਸਤਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।