ਨਵੀਂ ਦਿੱਲੀ – ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ| ਪਟੀਸ਼ਨਕਰਤਾ ਵਲੋਂ ਸੁਪਰੀਮ ਕੋਰਟ ਵਿੱਚ ਸ਼ਾਹੀਨ ਬਾਗ ਕੇਸ ਦਾ ਹਵਾਲਾ ਦਿੱਤਾ ਗਿਆ| ਸੁਣਵਾਈ ਦੌਰਾਨ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਵਿਸ਼ਾ ਹੈ|ਜੱਜ ਨੇ ਕਿਹਾ ਕਿ ਇਸ ਮੁੱਦੇ ਨੂੰ ਸਹਿਮਤੀ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ| ਕਿਸਾਨ ਸਮੱਸਿਆ ਸੁਲਝਾਉਣ| ਅਦਾਲਤ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਰਕਾਰ ਵਿੱਚ ਇਕ ਕਮੇਟੀ ਬਣਾਉਣ ਨੂੰ ਕਿਹਾ ਹੈ, ਤਾਂ ਕਿ ਦੋਵੇਂ ਆਪਸ ਵਿਚ ਮੁੱਦੇ ਤੇ ਚਰਚਾ ਕਰ ਸਕਣ| ਅਦਾਲਤ ਨੇ ਕਿਹਾ ਕਿ ਉਹ ਕਿਸਾਨਾਂ ਦਾ ਪੱਖ ਸੁਣਨਗੇ, ਨਾਲ ਹੀ ਸਰਕਾਰ ਤੋਂ ਪੁੱਛਿਆ ਕਿ ਹੁਣ ਤੱਕ ਸਮਝੌਤਾ ਕਿਉਂ ਨਹੀਂ ਹੋਇਆ? ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਨੋਟਿਸ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਤੁਰੰਤ ਹਟਾਉਣ| ਇਸ ਮੁੱਦੇ ਤੇ ਕੱਲ੍ਹ ਫਿਰ ਸੁਪਰੀਮ ਕੋਰਟ ਸੁਣਵਾਈ ਕਰੇਗੀ| ਜਿਕਰਯੋਗ ਹੈ ਕਿ ਸੁਪਰੀਮ ਕੋਰਟ ਵਿੱਚ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ| ਇਹ ਪਟੀਸ਼ਨਾਂ ਦਿੱਲੀ ਦੀਆਂ ਸਰਹੱਦਾਂ ਤੇ ਭੀੜ ਇਕੱਠੀ ਕਰਨ, ਕੋਰੋਨਾ ਵਾਇਰਸ ਦੀ ਆਫ਼ਤ ਨੂੰ ਲੈ ਕੇ ਸਨ| ਇਸ ਤੋਂ ਇਲਾਵਾ ਕਿਸਾਨ ਅੰਦੋਲਨ ਵਿਚ ਮਨੁੱਖੀ ਅਧਿਕਾਰਾਂ, ਪੁਲੀਸ ਦੀ ਕਾਰਵਾਈ ਅਤੇ ਕਿਸਾਨਾਂ ਦੀ ਮੰਗ ਮੰਨਣ ਦੀ ਅਪੀਲ ਵੀ ਕੀਤੀ ਗਈ ਹੈ| ਚੀਫ਼ ਜਸਟਿਸ ਐਸ. ਏ. ਬੋਬੜੇ, ਜਸਟਿਸ ਏ. ਐਸ. ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਮਣੀਅਮ ਦੀ ਬੈਂਚ ਨੇ ਇਸ ਬਾਬਤ ਸੁਣਵਾਈ ਕੀਤੀ| ਸੁਪਰੀਮ ਕੋਰਟ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਹੈ|