ਪੰਜਾਬ ਸਰਕਾਰ ਦੇ ਦੋਵਾਂ ਮੰਤਰੀਆਂ ਵਲੋਂ ਕੇਂਦਰ ਸਰਕਾਰ ਨੂੰ ਕਿਸਾਨ ਮਸਲੇ ਦਾ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਦੀ ਅਪੀਲ
ਚੰਡੀਗੜ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਅੱਜ ਗੁਰਦੁਆਰਾ ਸਾਹਿਬ ਨਾਨਕਸਰ ਪਿੰਡ ਸਿੰਘੜਾਂ ਕਰਨਾਲ ਵਿਖੇ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਜਲੀ ਦੇਣ ਲਈ ਪਹੁੰਚੇ।ਇਸ ਮੌਕੇ ਦੋਵਾਂ ਮੰਤਰੀਆਂ ਨੇ ਬਾਬਾ ਜੀ ਦੇ ਪੈਰੋਕਾਰਾਂ ਨਾਲ ਦੱੁਖ ਸਾਂਝਾ ਕੀਤਾ ਅਤੇ ਬਾਬਾ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ।ਜਿਕਰਯੋਗ ਹੈ ਕਿ 65 ਸਾਲਾ ਬਾਬਾ ਰਾਮ ਸਿੰਘ ਜੀ ਜੋ ਨਾਨਕਸਰ ਸੰਪ੍ਰਦਾਏ ਨਾਲ ਸਬੰਧ ਰੱਖਦੇ ਸਨ, ਨੇ ਕੱਲ ਕਿਸਾਨ ਸਘੰਰਸ਼ ਦੌਰਾਨ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕੋਈ ਸੁਣਵਾਈ ਨਾ ਕਰਨ ਦੇ ਰੋਸ ਵਜੋਂ ਖੁਦ ਨੂੰ ਗੋਲੀ ਮਾਰ ਕੇ ਕੁੰਡਲੀ ਬਾਡਰ ’ਤੇ ਆਤਮਹੱਤਿਆ ਕਰ ਲਈ ਸੀ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਦਾ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ।ਉਨਾਂ ਕਿਹਾ ਕਿ ਲੱਖਾਂ ਕਿਸਾਨ ਜੋ ਸਿੰਘੂ ਅਤੇ ਟਿੱਕਰੀ ਬਾਰਡਰ ’ਤੇ ਤਿੰਨ ਖੇਤੀ ਬਿਲਾਂ ਖਿਲਾਫ ਪਿਛਲੇ ਇੱਕ ਮਹੀਨੇ ਤੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।ਉਨਾਂ ਕਿਹਾ ਕਿ ਕਿਸਾਨ ਵੀ ਚਾਹੁੰਦੇ ਹਨ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਡਿਆ ਜਾਵੇ।ਦੋਵਾਂ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਜਿੱਦ ਛੱਡ ਕੇ ਫਰਾਖਦਿਲੀ ਨਾਲ ਗੱਲਬਤ ਲਈ ਅੱਗੇ ਆ ਕੇ ਕਿਸਾਨਾਂ ਨਾਲ ਬੈਠ ਕੇ ਇਸ ਮਸਲੇ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਵਾਪਸ ਆ ਸਕਣ।ਦੋਵਾਂ ਮੰਤਰੀਆਂ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਠੰਡ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਕਈ ਕਿਸਾਨਾਂ ਦੀ ਸੰਘਰਸ਼ ਦੌਰਾਨ ਠੰਡ ਕਾਰਨ ਮੌਤ ਵੀ ਹੋ ਚੁੱਕੀ ਹੈ।ਉਨਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕਹਿ ਦਿੱਤਾ ਹੈ ਕਿ ਕੇਂਦਰ ਸਰਕਾਰ ਜਲਦ ਇਸ ਮਸਲੇ ਦਾ ਹੱਲ ਕੱਢੇ।ਇਸ ਲਈ ਹੁਣ ਕੇਂਦਰ ਨੂੰ ਵੀ ਚਾਹੀਦਾ ਹੈ ਕਿ ਬਿਨਾਂ ਦੇਰੀ ਇਸ ਮਸਲੇ ਦਾ ਹੱਲ ਕੱਢਿਆ ਜਾਵੇ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ’ਤੇ ਥੋਪੇ ਜਾ ਰਹੇ ਕਿਸਾਨ ਵਿਰੋਧੀ ਤਿੰਨੋ ਕਾਲੇ ਕਾਨੂੰਨਾ ਸਮੇਤ ਬਿਜਲੀ ਕਾਨੂੰਨ ਨੂੰ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾ ਕੇ ਰੱਦ ਕਰ ਚੱਕੀ ਹੈ।ਇਸ ਲਈ ਕੇਂਦਰ ਸਰਕਾਰ ਨੂੰ ਵੀ ਜਿੱਦ ਛੱਡ ਕੇ ਬਿਨਾਂ ਕਿਸੇ ਦੇਰੀ ਦੇ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।