ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਨੌਜੁਆਨੀ ਲਈ ਪ੍ਰੇਰਣਾ ਦਾ ਸੋਮਾ-ਬੀਬੀ ਜਗੀਰ ਕੌਰ
ਅੰਮ੍ਰਿਤਸਰ – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਜਿਥੇ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਨਤਮਸਤਕ ਹੋਈਆਂ। ਇਸ ਦੌਰਾਨ ਸੰਗਤਾਂ ਨੇ ਇਥੇ ਸਥਿਤ ਹੋਰਨਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਵੀ ਹਾਜ਼ਰੀਆਂ ਭਰ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਭਾਈ ਸੰਗਤ ਸਿੰਘ ਦੀਵਾਨ ਹਾਲ ’ਚ ਸਜੇ ਗੁਰਮਤਿ ਸਮਾਗਮ ਅੰਦਰ ਸਿੱਖ ਕੌਮ ਦੇ ਰਾਗੀ, ਢਾਡੀ ਕਵੀਸ਼ਰ ਜਥਿਆਂ ਅਤੇ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਜੋੜਿਆ।ਇਸ ਮੌਕੇ ਆਪਣੇ ਸੰਬੋਧਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਗੜ੍ਹੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸੰਗਤ ਨੂੰ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਦੇਣਾ ਅਸੀਂ ਕਦੇ ਨਹੀਂ ਦੇ ਸਕਦੇ, ਪਰ ਉਨ੍ਹਾਂ ਦਾ ਕਰਜ਼ ਚੁਕਾਉਣ ਲਈ ਅਸੀਂ ਉਨ੍ਹਾਂ ਦੇ ਉਪਦੇਸ਼ਾਂ ’ਤੇ ਜ਼ਰੂਰ ਚੱਲ ਸਕਦੇ ਹਾਂ। ਉਨ੍ਹਾਂ ਸੰਗਤ ਨੂੰ ਸਿੱਖ ਨੌਜੁਆਨਾਂ ਅਤੇ ਬੱਚਿਆਂ ਅੰਦਰ ਗੁਰਸਿੱਖੀ ਦਾ ਸੰਚਾਰ ਕਰਨ ਲਈ ਲਹਿਰ ਸਿਰਜਣ ਦਾ ਸੱਦਾ ਦਿੱਤਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਨੌਜੁਆਨੀ ਲਈ ਪ੍ਰੇਰਣਾ ਦਾ ਸੋਮਾ ਹੈ ਅਤੇ ਸਾਡਾ ਸਭ ਦਾ ਫ਼ਰਜ਼ ਹੈ ਕਿ ਆਪਣੇ ਬੱਚਿਆਂ ਨੂੰ ਇਸ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਈਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਵਿਰੋਧੀ ਚਾਲਾਂ ਚੱਲਣ ਵਾਲਿਆਂ ਤੋਂ ਸੁਚੇਤ ਰਹਿਣ ਲਈ ਵੀ ਕਿਹਾ ਅਤੇ ਕੌਮੀ ਇਕਜੁਟਤਾ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਸ. ਗੁਰਿੰਦਰ ਸਿੰਘ ਗੋਗੀ ਨੇ ਵੀ ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਨੂੰ ਆਪਣੇ ਸ਼ਬਦਾਂ ਰਾਹੀਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਕਰਨੈਲ ਸਿੰਘ ਪੰਜੋਲੀ, ਪ੍ਰਿੰ: ਸੁਰਿੰਦਰ ਸਿੰਘ, ਸ. ਹਰਪਾਲ ਸਿੰਘ ਜੱਲ੍ਹਾ, ਬੀਬੀ ਹਰਜਿੰਦਰ ਕੌਰ ਪਵਾਤ, ਸ. ਗੁਰਿੰਦਰ ਸਿੰਘ ਗੋਗੀ ਜ਼ਿਲ੍ਹਾ ਪ੍ਰਧਾਨ, ਬੀਬੀ ਸਤਵੰਤ ਕੌਰ ਸਿੱਧੂ, ਸ. ਜਗਮੋਹਨ ਸਿੰਘ ਹਲਕਾ ਇੰਚਾਰਜ, ਸ. ਅਮਨਦੀਪ ਸਿੰਘ ਸਾਬਕਾ ਪ੍ਰਧਾਨ, ਸ. ਬਲਦੇਵ ਸਿੰਘ ਸਰਕਲ ਪ੍ਰਧਾਨ, ਓ.ਐਸ.ਡੀ. ਡਾ. ਸੁਖਬੀਰ ਸਿੰਘ, ਸ. ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਆਦਿ ਮੌਜੂਦ ਸਨ।