ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਸਮਾਗਮਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸੂਚਨਾ ਤਕਨੀਕ ਵਿਭਾਗ ਦਾ ਵਿਸਥਾਰ ਕੀਤਾ ਗਿਆ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਰਗਰਮੀਆਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ਰਾਹੀਂ ਪ੍ਰਚਾਰਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੂਚਨਾ ਤਕਨੀਕ ਵਿਭਾਗ ਦੇ ਨਵੇਂ ਦਫ਼ਤਰ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਬਹੁਤ ਵੱਡੀਆਂ ਹਨ, ਜਿਨ੍ਹਾਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਸੂਚਨਾ ਤਕਨੀਕ ਵਿਭਾਗ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਈ.ਟੀ. ਖੇਤਰ ਨਾਲ ਸਬੰਧਤ 20 ਦੇ ਕਰੀਬ ਕਰਮਚਾਰੀ ਭਰਤੀ ਕੀਤੇ ਗਏ ਹਨ ਅਤੇ ਜਲਦ ਹੀ ਸਟੂਡੀਉ ਸਥਾਪਿਤ ਕਰਨ ਦੀ ਵੀ ਯੋਜਨਾ ਹੈ। ਭਰਤੀ ਕੀਤੇ ਗਏ ਕਰਮਚਾਰੀਆਂ ਵਿਚ ਐਂਕਰ, ਲੇਖਕ, ਵੀਡੀਓ ਆਡੀਟਰ, ਡੀਜ਼ਾਇਨਰ, ਕੈਮਰਾਮੈਨ ਆਦਿ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਰਮ ਪ੍ਰਚਾਰ ਕਾਰਜਾਂ ਦੇ ਨਾਲ-ਨਾਲ ਸਮਾਜਿਕ, ਵਿਦਿਅਕ ਅਤੇ ਲੋਕ ਕਲਿਆਣਕਾਰੀ ਗਤੀਵਿਧੀਆਂ ਨੂੰ ਸੰਗਤ ਤੱਕ ਭੇਜਣਾ ਸਮੇਂ ਦੀ ਵੱਡੀ ਲੋੜ ਹੈ। ਇਸ ਲਈ ਸੋਸ਼ਲ ਮੀਡੀਆ ਇਕ ਕਾਰਗਰ ਸਾਧਨ ਸਥਾਪਿਤ ਹੋ ਚੁੱਕਾ ਹੈ। ਬੀਬੀ ਜਗੀਰ ਕੌਰ ਨੇ ਭਵਿੱਖ ਵਿਚ ਸਿੱਖ ਧਰਮ, ਇਤਿਹਾਸ ਅਤੇ ਕੌਮੀ ਮਸਲਿਆਂ ਨੂੰ ਲੈ ਕੇ ਸੰਜੀਦਾ ਵਿਚਾਰ-ਚਰਚਾ ਨੂੰ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਚਨਾ ਤਕਨੀਕ ਵਿਭਾਗ ਲਈ ਗੁਰੂ ਘਰ ਦੇ ਸ਼ਰਧਾਲੂ ਸ. ਸਤਪਾਲ ਸਿੰਘ ਮੁਲਤਾਨੀ ਰਿਚੀ ਟ੍ਰੈਵਲ ਜਲੰਧਰ ਅਤੇ ਸ. ਮਨਮੋਹਨ ਸਿੰਘ ਕਪੂਰਥਲਾ ਨੇ ਵੱਡਾ ਸਹਿਯੋਗ ਕੀਤਾ ਹੈ। ਉਨ੍ਹਾਂ ਨੇ ਇਸ ਵਿਭਾਗ ਲਈ ਹਰ ਲੋੜੀਂਦਾ ਸਮਾਨ ਜਿਸ ਦੀ ਕੀਮਤ ਕਰੀਬ 30 ਲੱਖ ਰੁਪਏ ਹੈ, ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤ ਦੀ ਸੰਸਥਾ ਹੈ ਅਤੇ ਇਸ ਦੇ ਹਰ ਕਾਰਜ ਤੋਂ ਸੰਗਤ ਦਾ ਜਾਣੂ ਹੋਣਾ ਜ਼ਰੂਰੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਓ.ਐਸ.ਡੀ. ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।