ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਮੁੱਢੋਂ ਰੱਦ ਕਰਦਿਆਂ ਝੂਠ ਦਾ ਪੁਲੰਦਾ ਕਰਾਰ ਦਿੱਤਾ
ਚੰਡੀਗੜ੍ਹ- ਕਾਲੇ ਖੇਤੀ ਕਾਨੂੰਨਾਂ ਖਿਲ਼ਾਫ ਇਕ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਉਤੇ ਇਕ ਮਹੀਨੇ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਸੰਘਰਸ਼ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਨਾਂ ਜਾਰੀ ਸੰਦੇਸ਼ ਰੂਪੀ ਭਾਸ਼ਣ ਨੂੰ ਮੁੰਗੇਰੀ ਲਾਲ ਦੇ ਹੁਸੀਨ ਸੁਫਨਿਆਂ ਤੋਂ ਵੱਧ ਹੋਰ ਕੁਝ ਨਹੀਂ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀ ਦਿੱਤੀ।ਪ੍ਰਧਾਨ ਮੰਤਰੀ ਦੇ ਭਾਸ਼ਣ ਉਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ ਰੰਧਾਵਾ ਨੇ ਕਿਹਾ ਕਿ ਇਹ ਨਿਰਾ ਝੂਠ ਦਾ ਪੁਲੰਦਾ ਸੀ ਅਤੇ ਸਿਤਮ ਦੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਕੇਂਦਰੀ ਰਾਜਧਾਨੀ ਦੀ ਹਿੱਕ ਉਤੇ ਬੈਠੇ ਲੱਖਾਂ ਕਿਸਾਨਾਂ ਦੇ ਮਨ ਦੀ ਬਾਤ ਨਹੀਂ ਸਣ ਰਹੇ ਹਨ।ਉਨ੍ਹਾਂ ਇਸ ਭਾਸ਼ਣ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਚੰਗਾ ਹੁੰਦਾ ਪ੍ਰਧਾਨ ਮੰਤਰੀ ਅੱਜ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਦੇ।ਉਨ੍ਹਾਂ ਕਿਹਾ ਕਿ ਸਾਧਾਰਣ ਕਿਸਾਨ ਤੋਂ ਵੱਡੇ-ਵੱਡੇ ਕਾਨੂੰਨਦਾਨਾਂ ਤੱਕ ਹਰ ਇਕ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਸਿੱਧ ਕੀਤਾ ਹੈ ਪਰ ਪ੍ਰਧਾਨ ਮੰਤਰੀ ਹਾਲੇ ਵੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਖੇਤੀਬਾੜੀ ਸੁਧਾਰ ਕਦਮ ਦੱਸ ਰਿਹਾ।ਸ ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਆਪਣੇ ਭਾਸ਼ਣ ਵਿੱਚ ਕੇਂਦਰ ਸਰਕਾਰ ਵੱਲੋਂ ਪਿਛਲੇ ਛੇ ਸਾਲਾਂ ਵਿੱਚ ਕਿਸਾਨਾਂ ਤੇ ਖੇਤੀਬਾੜੀ ਖੇਤਰ ਲਈ ਚੁੱਕਿਆ ਇਕ ਵੀ ਕਦਮ ਤੱਥਾਂ ਸਮੇਤ ਨਹੀਂ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹਾਲੇ ਵੀ ਕਿਸਾਨਾਂ ਦੇ ਅੰਦੋਲਨ ਨੂੰ ਗੁੰਮਰਾਹਕੁਨ ਆਗੂਆਂ ਦੀ ਅਗਵਾਈ ਵਾਲਾ ਸਿਆਸਤ ਤੋਂ ਪ੍ਰੇਰਿਤ ਦੱਸ ਰਹੇ ਹਨ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਭਾਜਪਾ ਸਾਸ਼ਿਤ ਸੂਬੇ ਹਰਿਆਣਾ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਬਾਰੇ ਉਹ ਕੀ ਕਹਿਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬਿਹਾਰ ਵਰਗੇ ਸੂਬੇ ਵਿੱਚ ਫ਼ੇਲ੍ਹ ਹੋਏ ਖੇਤੀ ਮਾਡਲ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਚੁੱਪੀ ਤੋੜਨੀ ਚਾਹੀਦੀ ਸੀ।ਸ ਰੰਧਾਵਾ ਨੇ ਅੱਗੇ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਅੱਜ ਕਿਸਾਨਾਂ ਨੂੰ ਮੁਫ਼ਤ ਬਿਜਲੀ ਮਿਲਣ ਬਾਰੇ ਆਪਣੀ ਪ੍ਰਾਪਤੀ ਦੱਸ ਰਹੇ ਸਨ ਜਦੋਂ ਕਿ ਅਸਲੀਅਤ ਹੈ ਕਿ ਪੰਜਾਬ ਸਰਕਾਰ ਕਈ ਸਾਲਾਂ ਤੋਂ ਇਹ ਸਹੂਲਤ ਆਪਣੇ ਬਲਬੂਤੇ ਦੇ ਰਹੀ ਹੈ, ਉਲਟਾ ਕੇਂਦਰ ਸਰਕਾਰ ਬਿਜਲੀ ਐਕਟ ਲਿਆ ਕੇ ਬਿੱਲ ਲਾਉਣ ਉਤੇ ਉਤਾਰੂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਕਰਜ਼ਾ ਮੁਆਫ਼ੀ ਦਾ ਵੱਡਾ ਵਾਅਦਾ ਪੂਰਾ ਕਰਦਿਆਂ ਹੁਣ ਤੱਕ 5 ਲੱਖ 63 ਹਜ਼ਾਰ ਕਿਸਾਨਾਂ ਦਾ 4610 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ।