ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਸ਼ਾਸਨ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸੱਤਵੀਂ ਕਿਸ਼ਤ ਕਿਸਾਨਾਂ ਦੇ ਖਾਤਿਆਂ ਵਿਚ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟਾਇਆ।ਇਸ ਯੋਜਨਾ ਦੇ ਤਹਿਤ ਹਰਿਆਣਾ ਦੇ 18 ਲੱਖ ਕਿਸਾਨਾਂ ਦੇ ਖਾਤਿਆਂ ਵਿਚ 360 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਪ੍ਰਧਾਨ ਮੰਤਰੀ ਨੇ ਇਸ ਰਕਮ ਨੂੰ ਇਕ ਬਟਨ ਦਬਾ ਕੇ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤਾ। ਰਾਜ ਵਿਚ ਹੁਣ ਤਕ ਇਸ ਯੋਜਨਾ ਦੇ ਤਹਿਤ 2225.30 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਇਸ ਪ੍ਰੋਗ੍ਰਾਮ ਦਾ ਸਿੱਧਾ ਪ੍ਰਸਾਰਣ ਨੈਸ਼ਨਲ ਟੀਵੀ ‘ਤੇ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਨੇ ਸਿੱਧੀ ਗੱਲ ਕੀਤੀ। ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸਤਵੀਂ ਕਿਸ਼ਤ ਵੱਜੋਂ ਦੇਸ਼ ਦੇ 9 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ 18,000 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।