ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਰਮਚਾਰੀਆਂ ਨੂੰ ਹਰ ਸਾਲ ਦਿਤੀ ਜਾਂਦੀ ਵਰਦੀ ਤਹਿਤ ਅੱਹ ਸਰਦ ਰੁੱਤ ਲਈ ਵਰਦੀਆਂ ਦਿੱਤੀਆਂ ਗਈਆਂ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ, ਹੈਲਪਰਾਂ ਅਤੇ ਸੇਵਾਦਾਰਾਂ ਨੂੰ ਸਾਲ ਵਿਚ ਦੋ ਵਾਰ ਸਰਦੀਆਂ ਤੇ ਗਰਮੀਆਂ ਮੌਕੇ ਵਰਦੀਆਂ ਦਿੱਤੀਆਂ ਜਾਂਦੀਆਂ ਹਨ। ਅੱਜ ਵਰਦੀਆਂ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਅਜਮੇਰ ਸਿੰਘ ਖੇੜਾ ਤੇ ਮੈਂਬਰ ਸ. ਸਰਵਣ ਸਿੰਘ ਕੁਲਾਰ, ਓ.ਐਸ.ਡੀ. ਡਾ. ਅਮਰੀਕ ਸਿੰਘ, ਸ. ਸਤਬੀਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ ਵਰਦੀਆਂ ਸ਼੍ਰੋਮਣੀ ਕਮੇਟੀ ਵੱਲੋਂ ਮਿਲਦੀਆਂ ਹਨ, ਉਹ ਆਪਣੀ ਡਿਊਟੀ ਸਮੇਂ ਕਿਸੇ ਹੋਰ ਰੰਗ ਦੀ ਵਰਤੋਂ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਪ੍ਰਚਾਰਕਾਂ ਤੇ ਸੇਵਾਦਾਰਾਂ ਨੂੰ ਇਕਸਾਰ ਵਰਦੀ ਪਹਿਨਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਮੌਕੇ ਇੰਚਾਰਜ ਸ. ਗੁਲਜ਼ਾਰ ਸਿੰਘ, ਸ. ਕੁਲਦੀਪ ਸਿੰਘ, ਸ. ਮੇਜਰ ਸਿੰਘ ਆਦਿ ਮੌਜੂਦ ਸਨ।