ਬਠਿੰਡਾ, 29 ਮਈ 2020 – ਬਠਿੰਡਾ ਜ਼ਿਲ੍ਹੇ ਵਿਚ ਅੱਜ ਫਿਰ ਕੋਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 1 ਔਰਤ ਅਤੇ 3 ਪੁਰਸ਼ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਦੋ ਦਾ ਯਾਤਰਾ ਪਿਛੋਕੜ ਹੈ ਅਤੇ ਉਨਾਂ ਨੇ ਕ੍ਰਮਵਾਰ ਅੰਬਾਲਾ ਤੇ ਦਿੱਲੀ ਦੀ ਯਾਤਰਾ ਕੀਤੀ ਹੈ। ਇਸ ਤੋਂ ਬਿਨਾਂ ਇਕ ਪੁਲਿਸ ਹਿਰਾਸਤ ਵਿਚ ਬੰਦੀ ਹੈ ਜਿਸ ਨੂੰ ਪੁਲਿਸ ਨੇ ਕਿਸੇ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਇੱਕ ਆਂਗਣਵਾੜੀ ਵਰਕਰ ਕੋਰੋਨਾ ਪਾਜ਼ੀਟਿਵ ਹੈ। ਉਨਾਂ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ ਐਕਟਿਵ ਕੇਸ 5 ਹੋ ਗਏ ਹਨ ਜਦੋਂਕਿ 43 ਲੋਕ ਪਹਿਲਾਂ ਹੀ ਠੀਕ ਹੋ ਕੇ ਘਰ ਪਰਤ ਚੁੱਕੇ ਹਨ।
ਡਿਪਟੀ ਕਮਿਸਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਅਤੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਸਲਾਹਾਂ ਤੇ ਅਮਲ ਕਰਦਿਆਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ। ਉਨ੍ਹਾਂਨਾਂ ਨੇ ਅਪੀਲ ਕੀਤੀ ਕਿ ਵਾਰ ਵਾਰ ਹੱਥ ਧੋਤੇ ਜਾਣ, ਮਾਸਕ ਪਹਿਣ ਕੇ ਰੱਖੋ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕੀਤਾ ਜਾਵੇ।
ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਉਕਤ ਤੋਂ ਬਿਨਾਂ ਅੱਜ 167 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਦੀਆਂ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ ਉਨਾਂ ਨੂੰ ਸਿਵਲ ਹਸਪਤਾਲ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਇਕਾਂਤਵਾਸ ਕਰਕੇ ਉਨਾਂ ਦੇ ਨਮੂਨੇ ਜਾਂਚ ਲਈ ਲਏ ਜਾ ਰਹੇ ਹਨ।