ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਹੋਣਗੇ ਸਮਾਗਮ
ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਬਾਬਾ ਹੁਕਮ ਸਿੰਘ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ 27 ਤੇ 28 ਜਨਵਰੀ 2021 ਨੂੰ ਵਿਸ਼ਾਲ ਗੁਰਮਿਤ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਸ਼ਹੀਦ ਬਾਬਾ ਹਜ਼ਾਰਾ ਸਿੰਘ ਅਤੇ ਸ਼ਹੀਦ ਹੁਕਮ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਛਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਵਾਸਤੇ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਸਿੱਖ ਕੌਮ ਲਈ ਵੱਡਮੁੱਲੇ ਯੋਗਦਾਨ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਹੁਦੇਦਾਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਇਕੱਤਰਤਾ ਹੋਈ, ਜਿਸ ਵਿਚ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਵਿਚਾਰਾਂ ਹੋਈਆਂ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਦੋਹਾਂ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਦੋ ਦਿਨਾਂ ਸਮਾਗਮਾਂ ਮੌਕੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਲਾਕੇ ਭਰ ਵਿਚ ਸਮਾਗਮਾਂ ਪ੍ਰਤੀ ਸੰਗਤ ਨੂੰ ਜਾਗਰੂਕ ਕਰਨ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ, ਢਾਡੀ, ਕਵੀਸ਼ਰ ਜਥੇ ਕਾਰਜਸ਼ੀਲ ਹਨ। ਇਕੱਤਰਤਾ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਮੀਤ ਸਕੱਤਰ ਸ. ਸਿਮਰਨਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ, ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਸ. ਕੁਲਦੀਪ ਸਿੰਘ, ਪ੍ਰਚਾਰਕ ਭਾਈ ਲਖਮੀਰ ਸਿੰਘ ਕੱਕਾਕੰਡਿਆਲਾ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਤੇਜਪਾਲ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਮੱਸਾ ਸਿੰਘ ਸਭਰਾ, ਸ. ਧਰਵਿੰਦਰ ਸਿੰਘ ਮਾਨੋਚਾਹਲ, ਮੀਤ ਮੈਨੇਜਰ ਸ. ਸ਼ਮਸ਼ੇਰ ਸਿੰਘ, ਸ. ਨਿਰਮਲ ਸਿੰਘ ਕਾਹਲਵਾਂ, ਸ. ਰਸਾਲ ਸਿੰਘ ਸੂਰਵਿੰਡ, ਸ. ਦਿਲਬਾਗ ਸਿੰਘ, ਸ. ਲਵਪ੍ਰੀਤ ਸਿੰਘ ਮੁਰਾਦਪੁਰ ਆਦਿ ਹਾਜ਼ਰ ਸਨ।