ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣਗੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਫ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਗੁਰੂ ਘਰਾਂ ਵਿਖੇ ਸੋਲਰ ਸਿਸਟਮ ਲਗਾਏ ਜਾਣਗੇ, ਜਿਸ ਨੂੰ ਅਮਲ ਵਿਚ ਲਿਆਉਣ ਲਈ ਅਹੁਦੇਦਾਰਾਂ, ਅਧਿਕਾਰੀਆਂ ਤੇ ਤਕਨੀਕੀ ਮਾਹਿਰਾਂ ’ਤੇ ਅਧਾਰਿਤ ਕਮੇਟੀ ਗਠਿਤ ਕੀਤੀ ਜਾਵੇਗੀ। ਇਸੇ ਤਰ੍ਹਾਂ ਗੁਰੂ ਘਰਾਂ ਅੰਦਰ ਲੰਗਰ ਬਣਾਉਣ ਲਈ ਭਾਫ ਵਿਧੀ ਅਪਨਾਉਣ ਦੇ ਨਾਲ-ਨਾਲ ਬਚੇ ਹੋਏ ਸਮਾਨ (ਰਹਿੰਦ-ਖੂੰਹਦ) ਤੋਂ ਗੱਤਾ ਤੇ ਕਾਗਜ਼ ਤਿਆਰ ਕਰਨ ਲਈ ਵੀ ਭਵਿੱਖ ਵਿਚ ਇਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬਾਬਾ ਜੀਵਨ ਸਿੰਘ ਦੀ ਯਾਦ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਵਿਸ਼ਾਲ ਸਮਾਗਮ ਕਰਨ ਦਾ ਵੀ ਫੈਸਲਾ ਲਿਆ ਹੈ। ਇਹ ਸਮਾਗਮ ਨੌਵੇਂ ਪਾਤਸ਼ਾਹ ਜੀ ਦਾ ਪਾਵਨ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਪੁੱਜਣ ਵਾਲੇ ਦਿਨ ਕੀਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਚਾਰ ਸੌ ਸਾਲਾ ਪ੍ਰਕਾਸ਼ ਦਿਵਸ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ ਸੌ ਸਾਲਾ ਦਿਹਾੜਾ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ। ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਵੱਡਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸ ਸ਼ਤਾਬਦੀ ਨੂੰ ਲੈ ਕੇ ਇਕ ਵਿਸ਼ਾਲ ਸਮਾਗਮ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ ਜਾਵੇਗਾ, ਜਦਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਸ਼ਮਣ ਸਿੰਘ ਧਾਰੋਵਾਲੀ ਸਮੇਤ ਹੋਰ ਸ਼ਹੀਦਾਂ ਦੇ ਅਸਥਾਨਾਂ ’ਤੇ ਵੀ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਵੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ ਤੇ ਜਲਦ ਹੀ ਸਮਾਗਮਾਂ ਸਬੰਧੀ ਰੂਪ-ਰੇਖਾ ਜਨਤਕ ਕੀਤੀ ਜਾਵੇਗੀ।ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਆਸਟ੍ਰੀਆ ਵਿਚ ਸਿੱਖ ਧਰਮ ਨੂੰ ਮਾਨਤਾ ਮਿਲਣ ’ਤੇ ਸ਼ਲਾਘਾ ਮਤਾ ਵੀ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦੁਨੀਆਂ ਅੰਦਰ ਸਿੱਖਾਂ ਨੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲ ਕੇ ਵੱਖਰੀ ਪਛਾਣ ਸਥਾਪਿਤ ਕੀਤੀ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਵੱਖ-ਵੱਖ ਦੇਸ਼ਾਂ ਵਿਚ ਸਿੱਖ ਧਰਮ ਨੂੰ ਮਾਨਤਾ ਮਿਲ ਰਹੀ ਹੈ। ਇਸੇ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਬਲਬੀਰ ਸਿੰਘ ਰੋਪੜ, ਬਾਬਾ ਰਾਮ ਸਿੰਘ ਸੀਂਘੜੇ ਵਾਲੇ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ, ਸਿੱਖ ਕੌਮ ਦੇ ਮਹਾਨ ਢਾਡੀ ਭਾਈ ਪ੍ਰਿਤਪਾਲ ਸਿੰਘ ਬੈਂਸ ਅਤੇ ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰ ਗਏ ਕਿਸਾਨ ਭਰਾਵਾਂ ਸਬੰਧੀ ਸ਼ੋਕ ਮਤੇ ਪੜ੍ਹਦਿਆਂ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਨਵਤੇਜ ਸਿੰਘ ਕਾਉਣੀ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਮਿੱਠੂ ਸਿੰਘ ਕਾਹਨੇਕੇ, ਸ. ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਓ.ਐਸ.ਡੀ. ਸ. ਸਤਬੀਰ ਸਿੰਘ ਅਤੇ ਹੋਰ ਹਾਜ਼ਰ ਸਨ।
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਖੋਲ੍ਹੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਕੋਰੋਨਾ ਕਾਰਨ ਵਕਤੀ ਤੌਰ ’ਤੇ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹੁਣ ਹਾਲਾਤਾਂ ਨੂੰ ਦੇਖਦਿਆਂ ਖੋਲ੍ਹ ਦੇਣਾ ਚਾਹੀਦਾ ਹੈ। ਇਸ ਸਬੰਧ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਗੌਰ ਕਰਨਾ ਚਾਹੀਦਾ ਹੈ, ਕਿਉਂਕਿ ਹੁਣ ਦੇਸ਼ ਅੰਦਰ ਧਾਰਮਿਕ ਅਸਥਾਨ ’ਤੇ ਸੰਗਤਾਂ ਆਮ ਵਾਂਗ ਜਾ ਰਹੀਆਂ ਹਨ।
ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਵੀਡੀਓ ਬਣਾਉਣ ਮਗਰੋਂ ਗਾਣੇ ਲਗਾ ਕੇ ਸੋਸ਼ਲ ਮੀਡੀਆ ’ਤੇ ਪਾਉਣ ਦੀ ਕੀਤੀ ਨਿੰਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ਵਿਚ ਕਿਸੇ ਲੜਕੀ ਵੱਲੋਂ ਆਪਣੀ ਵੀਡੀਓ ਬਣਾ ਕੇ ਉਸ ਨਾਲ ਗਾਣੇ ਲਗਾਉਣ ਮਗਰੋਂ ਸੋਸ਼ਲ ਮੀਡੀਆ ’ਤੇ ਜਨਤਕ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਰਕਰਮਾਂ ਵਿਚ ਅਜਿਹੀਆਂ ਵੀਡੀਓ ਦੀ ਮਨਾਹੀ ਵਾਲੇ ਬੋਰਡ ਲਗਾਉਣ ਦੇ ਬਾਵਜੂਦ ਵੀ ਜਿਹੜੇ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ, ਉਨ੍ਹਾਂ ਖਿਲਾਫ਼ ਸਾਈਬਰ ਕਰਾਇਮ ਸੈਲ ਰਾਹੀਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਆਖਿਆ ਕਿ ਹਾਲ ਹੀ ਵਿਚ ਜਿਹੜੀ ਵੀਡੀਓ ਲੜਕੀ ਨੇ ਸੋਸ਼ਲ ਮੀਡੀਆ ’ਤੇ ਪਾਈ ਹੈ, ਉਸ ਸਬੰਧੀ ਕਾਰਵਾਈ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਬੀਬੀ ਜਗੀਰ ਕੌਰ ਨੇ ਅਪੀਲ ਕੀਤੀ ਕਿ ਇਸ ਪਾਵਨ ਅਸਥਾਨ ਵਿਖੇ ਪੁੱਜਣ ਵਾਲੀਆਂ ਸੰਗਤਾਂ ਅਜਿਹਾ ਕੁਝ ਨਾ ਕਰਨ ਜਿਸ ਨਾਲ ਪਾਵਨ ਅਸਥਾਨ ਦੀ ਮਾਣ-ਮਰਯਾਦਾ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ।