ਕਿਹਾ-ਰਾਜ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕੀਤਾ ਜਾਵੇਗਾ
ਜਲੰਧਰ – ਨਵ ਨਿਯੁਕਤ ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਕਿਹਾ ਕਿ ਉਹ ਲੋਕਾਂ ਦੀ ਭਲਾਈ ਲਈ ਰਾਜ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਪਹਿਲ ਦੇਣਗੇ।ਅੱਜ ਇਥੇ ਅਹੁਦਾ ਸੰਭਾਲਣ ਤੋਂ ਬਾਅਦ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤਰ ਦੀ ਤਰੱਕੀ ਅਤੇ ਇਸਦੇ ਵਸਨੀਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਦੇ 2005 ਬੈਚ ਦੇ ਅਧਿਕਾਰੀ ਸ਼੍ਰੀਮਤੀ ਸਪਰਾ ਨੇ ਕਿਹਾ ਕਿ ਡਵੀਜ਼ਨ ਵਿਚ ਪ੍ਰਬੰਧਕੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਇਕ ਪਾਰਦਰਸ਼ੀ ਪ੍ਰਣਾਲੀ ਤਿਆਰ ਕੀਤੀ ਜਾਵੇਗੀ।ਡਵੀਜ਼ਨਲ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਹ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੇ ਭਲਾਈ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਅੱਗੇ ਵਧਾਉਣਗੇ।ਸ਼੍ਰੀਮਤੀ ਸਪਰਾ ਨੇ ਕਿਹਾ ਕਿ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਖੇਤਰ ਦੇ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਉਣ ਲਈ ਇਕ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਸਿਸਟਮ ਬਣਾਇਆ ਜਾਵੇ ।ਇਸ ਤੋਂ ਪਹਿਲਾਂ ਇਥੇ ਡਵੀਜ਼ਨਲ ਕਮਿਸ਼ਨਰ ਵਜੋਂ ਤਾਇਨਾਤ ਰਾਜ ਕਮਲ ਚੌਧਰੀ ਨੇ ਨਵ ਨਿਯੁਕਤ ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨਾਲ ਮੀਟਿੰਗ ਕੀਤੀ ਅਤੇ ਜਲੰਧਰ ਡਵੀਜ਼ਨ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।ਇਸ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸਐਸਪੀ ਸੰਦੀਪ ਕੁਮਾਰ ਗਰਗ, ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ, ਡੀਸੀਪੀ ਟ੍ਰੈਫਿਕ ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਏਸੀਏ ਪੁੱਡਾ ਅਨੁਪਮ ਕਲੇਰ, ਐਸਡੀਐਮ ਰਾਹੁਲ ਸਿੰਧੂ, ਗੌਤਮ ਜੈਨ, ਡਾ. ਜੈ ਇੰਦਰ ਸਿੰਘ ਤੇ ਡਾ. ਵਿਨੀਤ ਕੁਮਾਰ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਤੇ ਸ਼ਾਇਰੀ ਮਲਹੋਤਰਾ, ਈਓ ਪੁੱਡਾ ਨਵਨੀਤ ਕੌਰ ਬੱਲ ਅਤੇ ਹੋਰਨਾਂ ਨੇ ਸਰਕਟ ਹਾਊਸ ਵਿਖੇ ਡਵੀਜ਼ਨਲ ਕਮਿਸ਼ਨਰ ਦਾ ਸਵਾਗਤ ਕੀਤਾ।