ਸਿੱਖ ਧਰਮ ਇਤਿਹਾਸ ਨਾਲ ਸਬੰਧਤ ਆ ਰਹੀਆਂ ਸ਼ਤਾਬਦੀਆਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਬੀਤੇ ਕੱਲ੍ਹ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਆ ਰਹੀਆਂ ਸ਼ਤਾਬਦੀਆਂ ਸਬੰਧੀ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਤਾਬਦੀਆਂ ਨੂੰ ਸਮਰਪਿਤ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਵਿਚ ਸਮਾਗਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰੂ ਸਾਹਿਬ ਨਾਲ ਸਬੰਧਤ ਦੇਸ਼ ਵਿਚਲੇ ਅਸਥਾਨਾਂ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਉਣ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਤੋਂ ਇਲਾਵਾ ਧਰਮ ਪ੍ਰਚਾਰ ਲਹਿਰ ਤਹਿਤ ਪ੍ਰਚਾਰਕ, ਕਵੀਸ਼ਰ ਅਤੇ ਢਾਡੀ ਜਥੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਪ੍ਰਚਾਰਨ ਲਈ ਪਿੰਡ ਪੱਧਰ ਤੱਕ ਪਹੁੰਚ ਕਰਨਗੇ। ਸਕੂਲਾਂ ਕਾਲਜਾਂ ਵਿਚ ਬੱਚਿਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਅਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 27 ਅਤੇ 28 ਜਨਵਰੀ ਨੂੰ ਤਰਨ ਤਾਰਨ ਦੇ ਨਗਰ ਅੱਲ੍ਹਾਦੀਨਪੁਰ ਵਿਖੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਸ਼ਹੀਦ ਬਾਬਾ ਹੁਕਮ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਹੋਵੇਗਾ। ਇਨ੍ਹਾਂ ਦੋਹਾਂ ਸ਼ਹੀਦਾਂ ਦੀਆਂ ਪ੍ਰਵਾਨ ਹੋਈਆਂ ਤਸਵੀਰਾਂ ਜਲਦ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਜਾਣਗੀਆਂ।ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਪ੍ਰਿਤਪਾਲ ਸਿੰਘ ਲੁਧਿਆਣਾ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ ਲਾਡਵਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਿਮਰਜੀਤ ਸਿੰਘ, ਸ. ਸਤਬੀਰ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ, ਬਾਬਾ ਸਤਨਾਮ ਸਿੰਘ ਕਾਰਸੇਵਾ ਵਾਲੇ, ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।